ਆਕਸਫੋਰਡ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਲ ਦਿਵਸ
ਅਸ਼ੋਕ ਵਰਮਾ
ਭਗਤਾ ਭਾਈ, 14 ਨਵੰਬਰ 2024 : ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿੱਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ।ਇਸ ਸੰਸਥਾ ਵਿੱਚ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਅਤੇ ਬਾਲ ਦਿਵਸ ਨੂੰ ਇੱਕ ਵੱਖਰੇ ਢੰਗ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ। ਸਕੂਲ ਵਿੱਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਬਦ ਗਿਆਨ ਮੁਕਾਬਲੇ ਕਰਵਾਏ ਗਏ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ “ਸੁਣ ਅਵਤਾਰ ਨਨਕਾਣੇ ਧਾਰਿਆ ” ਕਵੀਸ਼ਰੀ ਗਾ ਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਅਧਿਆਤਮਿਕ ਪੱਖ ਤੇ ਰੋਸ਼ਨੀ ਪੁਆਈ।
ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਕਵੀਸ਼ਰੀ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ।ਨੌਂਵੀਂ ਜਮਾਤ ਦੇ ਵਿਦਿਆਰਥੀ ਰਾਜਵਿੰਦਰ ਸਿੰਘ ਨੇ ਸਪੀਚ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਤੋਂ ਬਾਅਦ ਸੱਤਵੀਂ ਜਮਾਤ ਦੇ ਵਿਦਿਆਰਥੀ ਜਸ਼ਨ ਸਿੰਘ ਨੇ ਆਪਣੀ ਕਵਿਤਾ ਪੇਸ਼ ਕੀਤੀ ਅਤੇ ਨੌਂਵੀਂ ਅਤੇ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬਹੱਤਰ ਕਲਾ ਛੰਦ ਰਾਹੀਂ ਗੁਰੁ ਜੀ ਦੀ ਸ਼ਖਸ਼ੀਅਤ ਨੂੰ ਬਿਆਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਸ੍ਰੀ ਨਹਿਰੂ ਜੀ ਦੀਆਂ ਦੇਸ਼ ਲਈ ਯੋਜਨਾਵਾਂ ਅਤੇ ਦੇਸ਼ ਨੂੰ ਦੇਣ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਦੇਸ਼ ਨੂੰ ਪਿਆਰ ਕਰਨ ਅਤੇ ਆਪਾਂ ਵਾਰਨ ਦਾ ਸੰਦੇਸ਼ ਵੀ ਦਿੱਤਾ।ਜਿਕਰਯੋਗ ਹੈ ਕਿ ਇਸ ਦਿਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕ੍ਰਿਕਟ ਦੇ ਦੋਸਤਾਨਾ ਮੈਚ ਵੀ ਕਰਵਾਏ ਗਏ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ‘ਤੇ ਵਿਸ਼ੇਸ ਜ਼ੋਰ ਦਿੱਤਾ।ਉਨ੍ਹਾਂ ਨੇ ਗੁਰੂ ਜੀ ਨੂੰ ਸਾਂਝੀਵਾਲਤਾ ਦੇ ਪ੍ਰਤੀਕ ਦੱਸਦੇ ਹੋਏ ਵਿਦਿਆਰਥੀਆਂ ਨੂੰ ਉੱਚਾ ਅਤੇ ਸੁੱਚਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।ਇਸ ਸਮੇਂ ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ।