ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਮੈਨੇਜਮੈਂਟ ਕਮੇਟੀਆਂ ਦੀਆਂ ਮੀਟਿੰਗਾਂ
- ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਕਮੇਟੀ ਮੈਂਬਰਾਂ ਨਾਲ ਵਿਚਾਰ ਸਾਂਝੇ ਕੀਤੇ
ਰੋਹਿਤ ਗੁਪਤਾ
ਗੁਰਦਾਸਪੁਰ 11 ਫ਼ਰਵਰੀ 2025 - ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਅਹਿਮ ਮੀਟਿੰਗ ਦਾ ਸਫਲ ਆਯੋਜਨ ਕੀਤਾ ਗਿਆ। ਜਿਸ ਵਿੱਚ ਕਮੇਟੀ ਮੈਂਬਰਾਂ ਨੇ ਸ਼ਾਮਲ ਹੋ ਕੇ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਹਿਤ ਵਿਚਾਰ ਵਟਾਂਦਰਾ ਕੀਤਾ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਜਗਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਹਾਜ਼ਰ ਮੈਂਬਰਾਂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡੀ.ਈ.ਓ. ਸੈਕੰ: ਸ. ਜਗਵਿੰਦਰ ਸਿੰਘ ਨੇ ਕਿਹਾ ਕਿ ਬਿਹਤਰ ਸਿੱਖਿਆ ਲਈ ਸਕੂਲ ਤੇ ਮੈਨੇਜਮੈਂਟ ਕਮੇਟੀਆਂ ਦਾ ਤਾਲਮੇਲ ਬਹੁਤ ਜ਼ਰੂਰੀ ਹੈ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਸਕੂਲ ਦੇ ਸੁਚਾਰੂ ਪ੍ਰਬੰਧ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ। ਇਸ ਲਈ ਸਿੱਖਿਆ ਵਿਭਾਗ ਵੱਲੋਂ ਮੈਗਾ ਐੱਸ.ਐੱਮ.ਸੀ. ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡੀ.ਈ.ਓ. ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਵਿਭਾਗ ਦੁਆਰਾ ਕੀਤੀਆਂ ਗਈਆਂ ਇਨ੍ਹਾਂ ਮੀਟਿੰਗਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ।
ਇਸ ਦੌਰਾਨ ਅਧਿਕਾਰੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸ ਨੰਗਲ, ਬਰਿਆਰ, ਦਾਖਲਾ, ਸਾਹੋਵਾਲ (ਲੜਕੀਆਂ) ਆਦਿ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਰਾਕੇਸ਼ ਗੁਪਤਾ, ਡੀ.ਈ.ਓ. ਦਫ਼ਤਰ ਤੋਂ ਪ੍ਰਦੀਪ ਅਰੋੜਾ, ਕਮਲ ਕੁਮਾਰ ਹਾਜ਼ਰ ਸਨ।