ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ 'ਚ ਉੱਤਰਾਖੰਡ ਪੁਲਿਸ ਅਸਫ਼ਲ
ਉੱਤਰਾਖੰਡ ਸਰਕਾਰ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਏ: ਹਰਮੀਤ ਸਿੰਘ ਕਾਲਕਾ
ਗੁਰਸਿੱਖ ਨੌਜਵਾਨਾਂ 'ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ:ਕਾਲਕਾ
ਨਵੀਂ ਦਿੱਲੀ 19 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬੀਤੇ ਦਿਨੀਂ ਉਤਰਾਖੰਡ ਦੇ ਕਰਣਪ੍ਰਯਾਗ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਉੱਤਰਾਖੰਡ ਪੁਲਿਸ ਵੱਲੋਂ ਅਪਣਾਏ ਗਏ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦੇ ਸਵੈ-ਰੱਖਿਆ ਦੇ ਅਧਿਕਾਰ ਨੂੰ ਅਪਰਾਧ ਵਜੋਂ ਪੇਸ਼ ਕਰਨਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ।
ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਨੇ ਕਿਹਾ ਕਿ ਜਦੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਸਿੱਖ ਨੌਜਵਾਨਾਂ 'ਤੇ ਹਮਲਾ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੀ ਜਾਨ ਅਤੇ ਸਨਮਾਨ ਦੀ ਰੱਖਿਆ ਲਈ ਕਿਰਪਾਨ ਦੀ ਵਰਤੋਂ ਕੀਤੀ, ਜੋ ਹਰ ਅੰਮ੍ਰਿਤਧਾਰੀ ਸਿੱਖ ਦਾ ਸੰਵਿਧਾਨਕ ਅਤੇ ਧਾਰਮਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਵੈ-ਰੱਖਿਆ ਅਤੇ ਹਮਲਾਵਰਤਾ ਵਿਚਕਾਰ ਫਰਕ ਸਮਝਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਂਵਾਰੀ ਹੁੰਦੀ ਹੈ, ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਉੱਤਰਾਖੰਡ ਦੀ ਪੁਲਿਸ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ।
ਕਾਲਕਾ ਨੇ ਦੋਸ਼ ਲਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨਾਲ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਚਾਰ ਨੌਜਵਾਨਾਂ ਦਾ ਨਹੀਂ, ਸਗੋਂ ਦੇਸ਼ ਭਰ ਦੇ ਸਿੱਖ ਯਾਤਰੀਆਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਰਾਜ ਦੇ ਡੀਜੀਪੀ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ, ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਉੱਚ ਪੱਧਰੀ ਵਫ਼ਦ ਜਲਦ ਹੀ ਉੱਤਰਾਖੰਡ ਦਾ ਦੌਰਾ ਕਰੇਗਾ ਅਤੇ ਹੇਮਕੁੰਟ ਸਾਹਿਬ ਟਰੱਸਟ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।
ਕਾਲਕਾ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਪ੍ਰਸ਼ਾਸਨ ਖੁਦ ਪੱਖਪਾਤੀ ਰਵੱਈਆ ਅਪਣਾਉਣਗੇ ਤਾਂ ਸਮਾਜ ਵਿੱਚ ਨਫ਼ਰਤ ਅਤੇ ਬੇਭਰੋਸਗੀ ਦਾ ਮਾਹੌਲ ਪੈਦਾ ਹੋਵੇਗਾ, ਜਿਸ ਦਾ ਨੁਕਸਾਨ ਸੂਬੇ ਅਤੇ ਦੇਸ਼ ਦੋਵਾਂ ਨੂੰ ਝੱਲਣਾ ਪਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਿੱਖ ਯਾਤਰੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਨਹੀਂ, ਸਗੋਂ ਉੱਤਰਾਖੰਡ ਦੀ ਆਰਥਿਕਤਾ ਨਾਲ ਵੀ ਡੂੰਘੇ ਤੌਰ 'ਤੇ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਲੱਖਾਂ ਸ਼ਰਧਾਲੂ ਉੱਥੇ ਜਾਂਦੇ ਹਨ, ਜਿਸ ਨਾਲ ਸਥਾਨਕ ਲੋਕਾਂ ਦੀ ਰੋਜ਼ੀ-ਰੋਟੀ ਅਤੇ ਸੂਬੇ ਦੇ ਸੈਰ-ਸਪਾਟਾ ਉਦਯੋਗ ਨੂੰ ਵੱਡਾ ਲਾਭ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਯਾਤਰੀਆਂ ਲਈ ਭੈਅ-ਮੁਕਤ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾਵੇ।
ਸਰਦਾਰ ਕਾਲਕਾ ਨੇ ਕਿਹਾ ਕਿ ਕਿਰਪਾਨ ਕੋਈ ਹਥਿਆਰ ਨਹੀਂ, ਸਗੋਂ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਸਿੱਖ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖ ਨੂੰ ਆਪਣੇ ਧਾਰਮਿਕ ਚਿੰਨ੍ਹ ਧਾਰਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਸੰਵਿਧਾਨਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਅਧਿਕਾਰਾਂ, ਸਨਮਾਨ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਹਰ ਲੋਕਤੰਤਰੀ ਅਤੇ ਕਾਨੂੰਨੀ ਲੜਾਈ ਲੜੇਗੀ।
- Download Babushahi App
-
-