'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਮੀਲ ਪੱਥਰ ਸਥਾਪਿਤ ਕੀਤਾ- ਚਾਹਲ
ਰੋਹਿਤ ਗੁਪਤਾ
ਗੁਰਦਾਸਪੁਰ,16 ਮਾਰਚ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਸੂਬੇ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਇੱਕ ਹੋਰ ਵੱਡਾ ਵਾਅਦਾ ਪੂਰਾ ਕਰਨ ਵੱਲ ਕਦਮ ਚੁੱਕਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਸਰਕਾਰ ਵੱਲੋਂ ਹੁਣ ਮਹਿਲਾਵਾਂ ਨੂੰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਹਰ ਮਹੀਨੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਪ੍ਰੈਸ ਸਕੱਤਰ ਰਣਜੋਧ ਸਿੰਘ ਚਾਹਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਐਸ.ਸੀ. ਕੈਟਾਗਰੀ ਦੀਆਂ ਮਹਿਲਾਵਾਂ ਲਈ ਇਹ ਰਕਮ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੇ ਘਰੇਲੂ ਖਰਚਿਆਂ ਵਿੱਚ ਸਹਾਇਤਾ ਪ੍ਰਾਪਤ ਕਰ ਸਕਣਗੀਆਂ।
ਇੱਥੇ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਪੰਜਾਬ ਵਿੱਚ ਅੱਜ ਤੱਕ ਦੀਆਂ ਸਾਰੀਆਂ ਸਰਕਾਰਾਂ ਵਿੱਚੋਂ ਇਕੋ ਇਕ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸਨੇ ਆਪਣੇ ਚੋਣ ਮਨੋਰਥ ਪੱਤਰ ਤੋਂ ਵੀ ਵੱਧ ਲੋਕ ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਹਨ ਜਿਸ ਨਾਲ ਆਮ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਰਹੀ ਹੈ। ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਸ ਮੌਕੇ ਚਾਹਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਦੇ ਨਾਲ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਜਾਰੀ ਰਹਿਣਗੇ।
Click to Follow Babushahi Facebook page →