ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਵੱਲੋਂ ਔਰਤਾਂ ਖਿਲਾਫ ਮੰਦੀ ਭਾਸ਼ਾ ਵਰਤਣ ਦੀ ਕੀਤੀ ਨਿਖੇਧੀ
ਚੰਡੀਗੜ੍ਹ, 9 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਖਿਲਾਫ ਮੰਦਭਾਗੀ ਭਾਸ਼ਾ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪ੍ਰੋਗਰਾਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਮੌਕੇ ਉਹਨਾਂ ’ਤੇ ਲਾਠੀਚਾਰਜ ਕਰਨ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਇਹ ਰਵੱਈਆ ਬਹੁਤ ਹੀ ਨਿੰਦਣਯੋਗ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਨਾਗਰਿਕਾਂ ਦੇ ਲੋਕਤੰਤਰੀ ਹੱਕਾਂ ਦੀ ਵਕਾਲਤ ਕੀਤੀ ਹੈ ਤੇ ਵਿਦਿਆਰਥੀਆਂ ਨੂੰ ਆਪਣਾ ਪ੍ਰੋਗਰਾਮ ਆਯੋਜਿਤ ਕਰਨ ਦਾ ਹੱਕ ਹੈ।
ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ’ਤੇ ਸ਼ਰਮ ਮਹਿਸੂਸ ਹੋ ਰਹੀ ਹੈ ਜਿਹੋ ਜਿਹੀ ਭਾਸ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਲਜ ਦੇ ਸਾਬਕਾ ਸਾਥੀਆਂ ਖਿਲਾਫ ਵਰਤੀ ਹੈ ਅਤੇ ਕਿਹਾ ਕਿ ਆਪਣੀਆਂ ਮਹਿਲਾ ਸਾਥੀਆਂ ਖਿਲਾਫ ਅਜਿਹੀ ਭਾਸ਼ਾ ਵਰਤਣਾ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਰਤੀ ਭਾਸ਼ਾ ਦੱਸਦੀ ਹੈ ਕਿ ਉਹਨਾਂ ਨੂੰ ਮਹਿਲਾ ਸਾਥੀਆਂ ਦੇ ਸਨਮਾਨ ਦੀ ਕੋਈ ਚਿੰਤਾ ਨਹੀਂ ਹੈ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਹਮੇਸ਼ਾ ਮਹਿਲਾਵਾਂ ਦਾ ਸਨਮਾਨ ਕੀਤਾ ਹੈ ਪਰ ਮੁੱਖ ਮੰਤਰੀ ਇਸ ਤੱਥ ਨੂੰ ਭੁੱਲ ਗਏ ਹਨ।
ਉਹਨਾਂ ਨੇ ਇਹ ਵੀ ਕਿਹਾ ਕਿ ਆਪ ਸਰਕਾਰ ਵੱਲੋਂ ਔਰਤਾਂ ਵਾਸਤੇ 1000 ਰੁਪਏ ਤੋਂ 1500 ਰੁਪਏ ਵੰਡਣ ਵਾਸਤੇ ਲਾਈਆਂ ਸ਼ਰਤਾਂ ਵੀ ਔਰਤਾਂ ਨਾਲ ਵਿਤਕਰਾ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਕਦੇ ਵੀ ਔਰਤਾਂ ਦੀ ਮਦ ਨਹੀਂ ਕਰਨਾ ਚਾਹੁੰਦੀ ਸੀ ਤੇ ਮਹਿਲਾ ਦਿਵਸ ’ਤੇ ਕੀਤਾ ਗਿਆ ਐਲਾਨ ਵੀ ਇਹੀ ਸਾਬਤ ਕਰਦਾ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨੇ ਸਭ ਤੋਂ ਵੱਧ ਮੁਸ਼ਕਿਲਾਂ ਝੱਲੀਆਂ ਹਨ ਤੇ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀ ਇਸ ਵਾਸਤੇ ਜ਼ਿੰਮੇਵਾਰ ਹਨ।
Click to Follow Babushahi Facebook page →