ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ*
ਚੰਡੀਗੜ੍ਹ, 19 ਜਨਵਰੀ:
ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ ਅਨੁਭਵ ਦੇ ਨਾਲ-ਨਾਲ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਅਤੇ ਤਜ਼ਰਬਾ ਰੱਖਦੇ ਹਨ।
ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦਫ਼ਤਰ, ਪੰਜਾਬ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਪੋਲਿੰਗ ਵਾਲੇ ਦਿਨ ਤੱਕ ਚੋਣ ਪ੍ਰਕਿਰਿਆ ਤੱਕ ਵੋਟਰ-ਪੱਖੀ ਪਹੁੰਚ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨਾਲ ਕੰਮ ਕਰੇਗਾ। ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਮੁੱਖ ਚੋਣ ਅਧਿਕਾਰੀ ਦਫ਼ਤਰ ਪਹੁੰਚਯੋਗਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦੇਣਾ ਜਾਰੀ ਰੱਖੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਪਾਰਦਰਸ਼ਤਾ ਵਧਾਉਣ, ਵੋਟਰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕੁਸ਼ਲ ਚੋਣ ਪ੍ਰਬੰਧਨ ਅਤੇ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦਾ ਅਹਿਮ ਯੋਗਦਾਨ ਰਹੇਗਾ।