ਅਮਨ ਅਰੋੜਾ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਅਤੇ ਪੱਤਰਕਾਰਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਸਖ਼ਤ ਨਿਖੇਧੀ
*ਕੇਂਦਰ ਦੀ ਭਾਜਪਾ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹੀ 'ਤੇ ਉੱਤਰੀ: ਅਮਨ ਅਰੋੜਾ*
*ਪੰਜਾਬ ਯੂਨੀਵਰਸਿਟੀ 'ਤੇ ਹਮਲਾ ਲੋਕਤੰਤਰ ਦਾ ਘਾਣ, ਪੰਜਾਬੀ ਇਸਨੂੰ ਬਰਦਾਸ਼ਤ ਨਹੀਂ ਕਰਨਗੇ: ਅਮਨ ਅਰੋੜਾ*
ਚੰਡੀਗੜ੍ਹ, 10 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਵਰੇਜ ਲਈ ਪਹੁੰਚੇ ਪੱਤਰਕਾਰਾਂ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਪੁਲਿਸ ਕਾਰਵਾਈ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਲੋਕਤੰਤਰੀ ਆਵਾਜ਼ ਨੂੰ ਕੁਚਲਣ ਦੀ ਇੱਕ ਸ਼ਰਮਨਾਕ ਅਤੇ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ।
ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਹੀ ਨਹੀਂ ਸਗੋਂ ਪੂਰੇ ਮੁਲਕ ਦੀ ਆਨ-ਬਾਣ ਅਤੇ ਸ਼ਾਨ ਹੈ। ਇਸ ਯੂਨੀਵਰਸਿਟੀ ਦੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦਾ ਸਾਥ ਦੇਣ ਪਹੁੰਚੇ ਕਿਸਾਨਾਂ 'ਤੇ ਜਿਸ ਤਰ੍ਹਾਂ ਚੰਡੀਗੜ੍ਹ ਪੁਲਿਸ ਨੇ ਤਸ਼ੱਦਦ ਕੀਤਾ ਹੈ, ਉਹ ਬੇਹੱਦ ਅਣਮਨੁੱਖੀ ਅਤੇ ਨਿੰਦਣਯੋਗ ਹੈ।
ਅਰੋੜਾ ਨੇ ਦੋਸ਼ ਲਗਾਇਆ ਕਿ ਇਹ ਸਭ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨਾ ਸਿਰਫ਼ ਪ੍ਰਦਰਸ਼ਨਕਾਰੀਆਂ 'ਤੇ ਡਾਂਗਾਂ ਫੇਰਿਆਂ, ਸਗੋਂ ਪਾਣੀ ਦੀਆਂ ਬੌਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ, ਜਿਸ ਕਾਰਨ ਕਈ ਵਿਦਿਆਰਥੀ ਅਤੇ ਪੱਤਰਕਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੱਕ-ਸੱਚ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੇ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਉਣਾ ਭਾਜਪਾ ਸਰਕਾਰ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ।
'ਆਪ' ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਪਹਿਲਾਂ ਹੀ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਜਦੋਂ ਲੋਕ ਇਸ ਵਿਰੁੱਧ ਆਵਾਜ਼ ਚੁੱਕਦੇ ਹਨ ਤਾਂ ਉਨ੍ਹਾਂ ਨੂੰ ਡਾਂਗਾਂ ਨਾਲ ਦਬਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਤਿੰਨ ਕਰੋੜ ਲੋਕ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਚਿਤਾਵਨੀ ਦਿੰਦੇ ਹਨ ਕਿ ਪੰਜਾਬੀ ਅਜਿਹੇ ਧੱਕੇਸ਼ਾਹੀ ਵਾਲੇ ਫੈਸਲਿਆਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ।