ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਬਠਿੰਡਾ ਵਿਖੇ ਸੂਬਾ ਪੱਧਰੀ ਧਰਨੇ ਦਾ ਸੌਂਪਿਆ ਨੋਟਿਸ
ਸਿਵਲ ਸਰਜਨ ਬਠਿੰਡਾ ਰਾਂਹੀ ਸਿਹਤ ਮੰਤਰੀ ਪੰਜਾਬ ਨੂੰ ਭੇਜਿਆ ਕੱਚੇ ਕਾਮਿਆਂ ਦਾ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ, 12 ਮਈ 2026 :ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਸਿਵਲ ਸਰਜਨ ਬਠਿੰਡਾ ਰਾਹੀਂ ਸਿਹਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਸਮੇਂ ਸਿਰ ਤਨਖਾਹ ਜਾਰੀ ਕੀਤੀ ਜਾਵੇ ਅਤੇ ਸਾਰੇ ਮੁਲਾਜ਼ਮਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਦਿੱਤੀਆਂ ਜਾਣ। ਇਸ ਤੋਂ ਇਲਾਵਾ ਠੇਕਾ ਪ੍ਰਣਾਲੀ ਨੂੰ ਖਤਮ ਕਰਕੇ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਯੂਨੀਅਨ ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਊਟਸੋਰਸ ਜਥੇਬੰਦੀ ਫਰਵਰੀ ਤੇ ਮਾਰਚ ਦੀਆਂ ਮੀਟਿੰਗਾਂ ਦੌਰਾਨ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ ਅਤੇ ਉਹਨਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਊਟਸੋਰਸ ਸਿਹਤ ਵਿਭਾਗ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਿਤੀ 19 ਮਈ ਨੂੰ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਆਊਟਸੋਰਸ , ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ, ਮਲਟੀਪਰਪਜ਼ ਹੈਲਥ ਵਰਕਰ, ਅਤੇ ਭਰਾਤਰੀ ਜਥੇਬੰਦੀਆਂ ਭਰਵੇਂ ਰੂਪ ਵਿੱਚ ਸ਼ਮੂਲੀਅਤ ਕਰਨਗੇ।
ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗਾਂ ਦੇ ਜਲਦ ਹੱਲ ਦੀ ਮੰਗ ਕੀਤੀ ਜਾਵੇਗੀ। ਆਊਟਸੋਰਸ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।ਇਸ ਮੌਕੇ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਦੇ ਕਨਵੀਨਰ ਮਨੀਸ਼ ਕੁਮਾਰ ਅਤੇ ਆਰਗੇਨਾਇਜ਼ਰ ਜਸਵਿੰਦਰ ਸ਼ਰਮਾ ਅਤੇ ਆਊਟਸੋਰਸ ਜਥੇਬੰਦੀ ਦੇ ਸੂਬਾ ਆਰਗੇਨਾਇਜ਼ਰ ਜਤਿੰਦਰ ਸਿੰਘ ਬਠਿੰਡਾ, ਸੂਬਾ ਦਫ਼ਤਰ ਸਕੱਤਰ ਜਗਮੀਤ ਸਿੰਘ ਬਠਿੰਡਾ, ਸੂਬਾ ਕਮੇਟੀ ਮੈਂਬਰ ਰਮਨਪ੍ਰੀਤ ਕੌਰ, ਪਰਮਜੀਤ ਕੌਰ ਅਤੇ ਜਿਲ੍ਹਾ ਬਠਿੰਡਾ ਦੇ ਆਊਟਸੋਰਸ ਸਾਥੀ ਭਰਵੀਂ ਗਿਣਤੀ ਵਿੱਚ ਸ਼ਾਮਿਲ ਰਹੇ।
- Download Babushahi App
-
-