ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਅਦਾਲਤ ਵਿੱਚ 350 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ
Ravi Jakhu
ਮੋਹਾਲੀ: 24 ਮਾਰਚ, 2026 : ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਹੋਏ ਚਰਚਿਤ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਪੁਲਿਸ ਵੱਲੋਂ ਪੇਸ਼ ਕੀਤੀ ਗਈ ਇਹ ਚਾਰਜਸ਼ੀਟ ਲਗਭਗ 350 ਸਫ਼ਿਆਂ ਦੀ ਹੈ, ਜਿਸ ਵਿੱਚ ਅੱਠ ਮੁੱਖ ਸ਼ੂਟਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।
ਇਨ੍ਹਾਂ ਮੁਲਜ਼ਮਾਂ ਵਿੱਚ ਜੁਗਰਾਜ ਸਿੰਘ, ਅਰਸ਼ਦੀਪ ਅਤੇ ਮਨਦੀਪ ਸਿੰਘ ਮੋਨਾ ਵਰਗੇ ਨਾਮ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕਤਲ ਕਾਂਡ ਦੀ ਤਹਿ ਤੱਕ ਪਹੁੰਚਣ ਲਈ ਪੁਲਿਸ ਨੇ ਕੁੱਲ 55 ਗਵਾਹਾਂ ਦੀ ਸੂਚੀ ਤਿਆਰ ਕੀਤੀ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾ ਸਕੇ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਗੈਂਗਸਟਰ ਬਲਜਿੰਦਰ ਡੋਨੀ ਬਲ ਸਮੇਤ ਕਈ ਹੋਰ ਮੁਲਜ਼ਮਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕਰਵਾਏ ਹਨ। ਚਾਰਜਸ਼ੀਟ ਵਿੱਚ ਦੱਸਿਆ ਗਿਆ ਹੈ ਕਿ ਕੁਝ ਹੋਰ ਸ਼ੂਟਰਾਂ ਅਤੇ ਗੈਂਗਸਟਰਾਂ ਦੀ ਭਾਲ ਅਜੇ ਵੀ ਜਾਰੀ ਹੈ। ਦੂਜੇ ਪਾਸੇ ਮੋਹਾਲੀ ਅਦਾਲਤ ਨੇ ਸੁਣਵਾਈ ਦੌਰਾਨ ਉਸ ਸਮੇਂ ਦੇ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਚੁੱਕੇ ਹਨ। ਅਦਾਲਤ ਨੇ ਟਿੱਪਣੀ ਕੀਤੀ ਕਿ ਕਬੱਡੀ ਮੈਚ ਦੌਰਾਨ ਜਦੋਂ ਸ਼ਾਮ ਦੇ 5:55 ਵਜੇ ਇਹ ਕਤਲ ਹੋਇਆ, ਉਸ ਸਮੇਂ ਉੱਥੇ ਕਰੀਬ 900 ਤੋਂ 1000 ਲੋਕ ਮੌਜੂਦ ਸਨ। ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਦੇ ਬਾਵਜੂਦ ਅਜਿਹੀ ਵਾਰਦਾਤ ਨੂੰ ਅੰਜਾਮ ਦੇਣਾ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।
Click to Follow Babushahi Facebook page →