ਕਾਂਗਰਸ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ ਵੱਲੋਂ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 9 ਫਰਵਰੀ 2026:ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਬਣਾਉਣ ਲਈ ਹਾਈ ਕਮਾਂਡ ਦੀਆਂ ਹਦਾਇਤਾਂ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਤੇ ਅੱਜ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਦੀ ਪ੍ਰਧਾਨਗੀ ਹੇਠ ਬਠਿੰਡਾ ਵਿੱਚ ਜਿਲਾ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਆਮ ਵਰਕਰਾਂ ਨੂੰ ਪੁੱਛਕੇ ਕੀਤੀ ਗਈ, ਉਸੇ ਤਰੀਕੇ ਨਾਲ ਹੁਣ ਬੂਥ ਤੋਂ ਲੈਕੇ ਬਲਾਕ ਪ੍ਰਧਾਨ ਅਤੇ ਪੰਜਾਬ ਦੀ ਸਮੁੱਚੀ ਜਥੇਬੰਦੀ ਦੇ ਲੀਡਰ ਸਾਹਿਬਾਨਾਂ ਦੀ ਚੋਣ ਵੀ ਉਸੇ ਪ੍ਰਕਿਰਿਆ ਨਾਲ ਹੋਵੇਗੀ ਅਤੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਹੁਣ ਬਲਾਕ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਲਈ ਅੱਜ ਸਮੁੱਚੀ ਲੀਡਰਸ਼ਿਪ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਜਿਸ ਲਈ ਅੱਜ ਵਰਕਰਾਂ ਨੂੰ ਵੀ ਇਸ ਅਹੁਦੇ ਲਈ ਚੋਣ ਸਿਸਟਮ ਤਹਿਤ ਅੱਗੇ ਆਉਣ ਦਾ ਸੁਨੇਹਾ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਪੈਸੇ ਨਾ ਦੇਣ ਤੇ ਕਤਲੇਆਮ ਕੀਤਾ ਜਾ ਰਿਹਾ ਹੈ, ਜਿਸ ਕਰਕੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਲੋਕ ਪੰਜਾਬ ਦੀ ਮਾਨ ਸਰਕਾਰ ਤੋਂ ਨਰਾਜ਼ ਹਨ ਤੇ ਬਦਲ ਵਜੋਂ ਕਾਂਗਰਸ ਨੂੰ ਦੇਖ ਰਹੇ ਹਨ ।ਉਹਨਾਂ ਦਾਅਵਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋ ਕੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਸ਼ਾਮਿਲ ਹੋ ਰਹੀ ਹੈ। ਉਹਨਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਵਿੱਚ ਕਾਂਗਰਸ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਦੇਸ਼ ਦੀ ਮੋਦੀ ਸਰਕਾਰ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ, ਪੰਜਾਬ ਦੀ ਮਾਨ ਸਰਕਾਰ ਹਰ ਵਰਗ ਨਾਲ ਧੱਕੇਸ਼ਾਹੀ ਕਰ ਰਹੀ ਹੈ ਜਿਸ ਕਰਕੇ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਚੱਲਦਾ ਕਰਨ ਲਈ ਪੰਜਾਬ ਤੋਂ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ ਜਿਸ ਲਈ ਵਰਕਰਾਂ ਵਿੱਚ ਵੀ ਭਾਰੀ ਉਤਸਾਹ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਮਾਨ ਸਰਕਾਰ ਵੱਲੋਂ ਚੋਣਾਂ ਵੇਲੇ ਦਿੱਤੀਆਂ ਗਰੰਟੀਆਂ ਪੂਰੀਆਂ ਨਾ ਕਰਨ ਖਾਸ ਕਰਕੇ ਮਹਿਲਾਵਾਂ ਨੂੰ 1000-1000 ਨਾ ਦੇਣ ਦਾ ਸਗੂਫਾ ਹੁਣ ਕਾਂਗਰਸ ਪਾਰਟੀ ਪੋਸਟਰਾਂ ਨਾਲ ਲੋਕਾਂ ਦੇ ਵਿੱਚ ਜਾਵੇਗੀ ਅਤੇ ਹਰ ਪਿੰਡ ਹਰ ਘਰ ਵਿੱਚ ਪੋਸਟਰ ਦੇ ਕੇ ਮਾਨ ਸਰਕਾਰ ਤੋਂ ਮਹਿਲਾਵਾਂ ਦੇ ਬਕਾਏ ਦੀ ਰਾਸ਼ੀ ਮੰਗੀ ਜਾਵੇਗੀ ਕਿਉਂਕਿ ਲੋਕਾਂ ਨੂੰ ਗੁਮਰਾਹ ਕਰਕੇ ਸਰਕਾਰ ਬਣਾਈ ਪਰ ਕੋਈ ਵਾਅਦਾ ਪੂਰਾ ਨਹੀਂ ਹੋਇਆ। ਇਸ ਮੌਕੇ ਉਹਨਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬੂਥ ਪੱਧਰ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਬਣਾਉਣ ਲਈ ਸ਼ੁਰੂ ਹੋ ਰਹੀ ਚੋਣ ਪ੍ਰਕਿਰਿਆ ਵਿੱਚ ਹਰ ਵਰਕਰ ਸਹਿਯੋਗ ਕਰੇਗਾ।