ਖੇਤ ਮਜ਼ਦੂਰਾਂ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਕੋਠੀ ਅੱਗੇ ਰੋਸ ਧਰਨਾ
ਅਸ਼ੋਕ ਵਰਮਾ
ਲੰਬੀ,12 ਦਸੰਬਰ 2025 : ਬਲਾਕ ਤੇ ਜ਼ਿਲ੍ਹਾ ਸੰਮਤੀ ਚੋਣਾਂ ਦੌਰਾਨ ਵੋਟਾਂ ਤੋਂ ਝਾਕ ਮੁਕਾ ਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈਕੇ ਅੱਜ ਵੱਡੀ ਗਿਣਤੀ ਖੇਤ ਮਜ਼ਦੂਰ ਔਰਤਾਂ ਤੇ ਪੁਰਸਾਂ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਖੇਤੀਬਾੜੀ ਮੰਤਰੀ ਵੀ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਮੰਨ ਕੇ ਵੀ ਲਾਗੂ ਕਰਨ ਤੋਂ ਕੰਨੀ ਕਤਰਾ ਗਏ ਹਨ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਬੁਢਾਪਾ ਪੈਨਸ਼ਨ ਵਧਾਉਣ ਵਰਗੀਆਂ ਗਰੰਟੀਆਂ ਅਤੇ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ ਵਰਗੇ ਮਸਲਿਆਂ ਤੋਂ ਅੱਖਾਂ ਫੇਰ ਗਈ ਹੈ । ਉਹਨਾਂ ਇਹ ਵੀ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।
ਉਹਨਾਂ ਮੰਗ ਕੀਤੀ ਕਿ ਮਨਰੇਗਾ ਦਾ ਬੰਦ ਕੀਤਾ ਕੰਮ ਫੌਰੀ ਚਲਾਇਆ ਜਾਵੇ, ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਸਮੇਤ ਚੋਣ ਗਰੰਟੀਆਂ ਲਾਗੂ ਕੀਤੀਆਂ ਜਾਣ , ਬੇਘਰੇ ਤੇ ਲੋੜਵੰਦਾਂ ਨੂੰ ਪਲਾਟ ਦਿੱਤੇ ਜਾਣ,ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣ,ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਦੀ ਸੰਵਿਧਾਨਕ ਗਾਰੰਟੀ ਕੀਤੀ ਜਾਵੇ ਅਤੇ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲਏ ਜਾਣ । ਅੱਜ ਦੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਮਹਿਲਾ ਮਜ਼ਦੂਰ ਆਗੂ ਤਾਰਾਵੰਤੀ ਤੇ ਜਸਵਿੰਦਰ ਕੌਰ ਦਬੜਾ, ਖੇਤ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਂਕੇ,ਮਨਦੀਪ ਸਿੰਘ ਸਿਵੀਆਂ, ਕਾਲਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ , ਨਿੱਕਾ ਸੰਧੂ ਕਲਾਂ,ਤੀਰਥ ਸਿੰਘ ਕੋਠਾਗੁਰੂ ਆਦਿ ਆਗੂਆਂ ਨੇ ਸੰਬੋਧਨ ਕੀਤਾ ।
ਇਸੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਪਣੀ ਰਿਹਾਇਸ਼ ਖੁੱਡੀਆਂ ਵਿਖੇ ਦਿੱਤੇ ਧਰਨੇ ਚ ਪਹੁੰਚ ਕੇ ਮੰਗ ਪੱਤਰ ਕੀਤਾ ਪ੍ਰਾਪਤ ਕੀਤਾ ਗਿਆ।