ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ: ਜੇਲ੍ਹ ਜਾਣ ਤੋਂ ਪਹਿਲਾਂ ਹਸਪਤਾਲ ਦਾਖ਼ਲ
ਸੁਰੱਖਿਆ ਦੇ ਸਖ਼ਤ ਪ੍ਰਬੰਧ
ਬਠਿੰਡਾ, 2 ਫਰਵਰੀ, 2026: ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਸਿਹਤ ਵਿਗੜਨ ਕਾਰਨ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਭੇਜੇ ਜਾਣ ਤੋਂ ਠੀਕ ਪਹਿਲਾਂ ਸ਼ਮਸ਼ੇਰ ਸਿੰਘ ਨੇ ਪੇਟ ਵਿੱਚ ਤੇਜ਼ ਦਰਦ ਅਤੇ ਸਰੀਰਕ ਕਮਜ਼ੋਰੀ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਹਸਪਤਾਲ ਪਹੁੰਚਾਇਆ।
ਜਾਣਕਾਰੀ ਅਨੁਸਾਰ, ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵਿਸ਼ੇਸ਼ ਟੀਮ ਦੁਪਹਿਰ ਕਰੀਬ 12 ਵਜੇ ਉਨ੍ਹਾਂ ਨੂੰ ਲੈ ਕੇ ਬਠਿੰਡਾ ਪਹੁੰਚੀ। ਗੋਲਡੀ ਬਰਾੜ ਦੇ ਪਰਿਵਾਰਕ ਪਿਛੋਕੜ ਅਤੇ ਸੁਰੱਖਿਆ ਖ਼ਤਰਿਆਂ ਨੂੰ ਦੇਖਦੇ ਹੋਏ ਹਸਪਤਾਲ ਦੇ ਵਾਰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਕਈ ਮੈਡੀਕਲ ਟੈਸਟ ਕੀਤੇ ਗਏ ਹਨ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸ਼ਮਸ਼ੇਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰੀਤਪਾਲ ਕੌਰ ਨੂੰ ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਦੋਸ਼ ਹੈ ਕਿ ਉਹ ਆਪਣੇ ਪੁੱਤਰ ਗੋਲਡੀ ਬਰਾੜ ਦੇ ਅਪਰਾਧਿਕ ਨੈੱਟਵਰਕ ਨੂੰ ਸਥਾਨਕ ਪੱਧਰ 'ਤੇ ਮਦਦ ਕਰ ਰਹੇ ਸਨ ਅਤੇ ਜਬਰਨ ਵਸੂਲੀ (Extortion) ਵਰਗੇ ਮਾਮਲਿਆਂ ਵਿੱਚ ਸ਼ਾਮਲ ਸਨ। ਅਦਾਲਤ ਨੇ ਸ਼ੁੱਕਰਵਾਰ ਨੂੰ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ, ਪਰ ਜੇਲ੍ਹ ਜਾਣ ਤੋਂ ਪਹਿਲਾਂ ਹੀ ਸ਼ਮਸ਼ੇਰ ਸਿੰਘ ਦੀ ਸਿਹਤ ਖ਼ਰਾਬ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਹਤ ਵਿੱਚ ਸੁਧਾਰ ਹੁੰਦੇ ਹੀ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਜੇਲ੍ਹ ਭੇਜ ਦਿੱਤਾ ਜਾਵੇਗਾ।