ਚੇਅਰਮੈਨ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੀਟਿੰਗ ਕੀਤੀ
ਪਿੰਡਾਂ ਵਿੱਚ ਇਸਾਈ ਭਾਈਚਾਰੇ ਦੀਆਂ ਕਬਰਾਂ ਲਈ ਥਾਂ ਮੁਹੱਈਆ ਕਰਵਾਉਣ ਲਈ ਕਿਹਾ
ਗੁਰਦਾਸਪੁਰ, 19 ਸਤੰਬਰ ( ) - ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਜ਼ੀਨਤ ਖੈਹਿਰਾ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਦਾ ਅਫ਼ਸਰ ਸ. ਸੁਖਵਿੰਦਰ ਸਿੰਘ, ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਸੈਮੂਅਲ ਗਿੱਲ, ਸਮਊਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਵਿੱਚ ਇਸਾਈ ਭਾਈਚਾਰੇ ਦੀਆਂ ਕਬਰਾਂ ਨਹੀਂ ਹਨ ਉਨ੍ਹਾਂ ਪਿੰਡਾਂ ਵਿੱਚ ਕਬਰਾਂ ਲਈ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਆਪਣੀਆਂ ਅੰਤਿਮ ਰਸਮਾਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਕਬਰਸਤਾਨ ਮੌਜੂਦ ਹਨ, ਉਨ੍ਹਾਂ ਕਬਰਸਤਾਨਾਂ ਵਿੱਚ ਵਿਸ਼ੇਸ਼ ਤੌਰ 'ਤੇ ਸਾਫ਼-ਸਫ਼ਾਈ ਕੀਤੀ ਜਾਵੇ ਅਤੇ ਕਬਰਸਤਾਨਾਂ ਨੂੰ ਜਾਂਦੇ ਰਸਤਿਆਂ ਨੂੰ ਸਾਫ਼ ਕਰਨ ਦੇ ਨਾਲ ਉਨ੍ਹਾਂ ਨੂੰ ਪੱਕਿਆ ਕੀਤਾ ਜਾਵੇ।
ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਹੜ੍ਹਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਘੱਟ ਭਾਈਚਾਰੇ ਨਾਲ ਸਬੰਧਿਤ ਵਸੋਂ ਵੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗ਼ਰੀਬ ਲੋਕਾਂ ਦੇ ਘਰਾਂ ਦਾ ਨੁਕਸਾਨ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੇ ਨੁਕਸਾਨ ਸਬੰਧੀ ਜੋ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ ਉਸ ਵਿੱਚ ਮਸੀਹ ਭਾਈਚਾਰੇ ਨਾਲ ਸਬੰਧਿਤ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਉਨ੍ਹਾਂ ਨੂੰ ਵੀ ਸ਼ਾਮਲ ਕਰਕੇ ਮੁਆਵਜ਼ਾ ਦਿਵਾਇਆ ਜਾਵੇ।
ਇਸ ਮੌਕੇ ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਸਕਾਲਰਸ਼ਿਪ ਸਕੀਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਘੱਟ ਗਿਣਤੀਆਂ ਨਾਲ ਸੰਬੰਧਿਤ ਵਿਦਿਆਰਥੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
ਇਸ ਮੌਕੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਵੱਲੋਂ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਇਹਨਾਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਘੱਟ ਗਿਣਤੀਆਂ ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀ ਭਲਾਈ ਲਈ ਸਰਕਾਰ ਵੱਲੋਂ ਜੋ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਘੱਟ ਗਿਣਤੀਆਂ ਭਾਈਚਾਰੇ ਨਾਲ ਸਬੰਧਿਤ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।