ਚੇਅਰਮੈਨ ਰਮਨ ਬਹਿਲ ਨੇ ਅਵਾਮ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਦਿੱਤਾ
ਚੇਅਰਮੈਨ ਬਹਿਲ ਦੀ ਅਗਵਾਈ ਹੇਠ ਨਵਾਂ ਪਿੰਡ ਸਰਦਾਰਾਂ, ਮਾੜੇ, ਬਖਤਪੁਰ ਅਤੇ ਮਹਾਂਦੇਵ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 20 ਜੁਲਾਈ - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ `ਯੁੱਧ ਨਸ਼ਿਆਂ ਵਿਰੁੱਧ` ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਚੇਅਰਮੈਨ ਸ੍ਰੀ ਰਮਨ ਬਹਿਲ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮਾੜੇ, ਨਵਾਂ ਪਿੰਡ ਸਰਦਾਰਾਂ, ਬਖਤਪੁਰ ਅਤੇ ਮਹਾਂਦੇਵ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਸਨ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜ ਰਹੀ ਹੈ। ਇਸ ਮਕਸਦ ਲਈ ਸੂਬੇ ਭਰ ਵਿੱਚ 13000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਨੇ ਬੀਤੇ ਤਿੰਨ ਸਾਲਾਂ ਦੌਰਾਨ ਨੌਜਵਾਨਾਂ ਨੂੰ 50000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਇਸ ਮੌਕੇ ਸ੍ਰੀ ਰਮਨ ਬਹਿਲ ਨੇ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ।
ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਰਾਕੇਸ਼ ਸ਼ਰਮਾ, ਦਵਿੰਦਰ ਸਿੰਘ ਹੈਪੀ, ਨਵਾਂ ਪਿੰਡ ਸਰਦਾਰਾਂ ਦੀ ਸਰਪੰਚ ਗੁਰਸਿਮਰਨ ਕੌਰ, ਸਰਪੰਚ ਮਾੜੇ ਕਮਲਜੀਤ ਸਿੰਘ, ਸਰਪੰਚ ਬਖਤਪੁਰ ਕਸ਼ਮੀਰ ਸਿੰਘ, ਸਰਪੰਚ ਮਹਾਂਦੇਵ ਖੁਰਦ ਹਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।