ਜੂਨ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਅਣਖ ਅਤੇ ਹੋਂਦ ਦੀ ਅਮਰ ਨਿਸ਼ਾਨੀ: ਹਰਮੀਤ ਸਿੰਘ ਕਾਲਕਾ
*ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਲੋੜ*
ਨਵੀਂ ਦਿੱਲੀ 4 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਨਿਰਦੋਸ਼ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਅਣਖ, ਆਤਮ-ਸਨਮਾਨ ਅਤੇ ਧਾਰਮਿਕ ਹੋਂਦ ਦੀ ਰੱਖਿਆ ਲਈ ਦਿੱਤੀਆਂ ਗਈਆਂ ਅਮਰ ਕੁਰਬਾਨੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਹ ਵਿਚਾਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਮੌਕੇ ਸੰਬੋਧਨ ਕਰਦਿਆਂ ਰੱਖੇ।
ਉਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਹਮਲੇ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਸੀ। ਉਨ੍ਹਾਂ ਕਿਹਾ ਕਿ ਉਸ ਔਖੇ ਸਮੇਂ ਦੌਰਾਨ ਕੌਮ ਦੇ ਜਰਨੈਲਾਂ ਅਤੇ ਨਿਹੰਗ ਯੋਧਿਆਂ ਨੇ ਅਦੁੱਤੀ ਹਿੰਮਤ, ਦ੍ਰਿੜਤਾ ਅਤੇ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ।
ਉਨ੍ਹਾਂ ਕਿਹਾ ਕਿ ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ ਜੀ, ਜਨਰਲ ਸੁਬੇਗ ਸਿੰਘ ਅਤੇ ਉਨ੍ਹਾਂ ਦੇ ਅਨੇਕਾਂ ਸਾਥੀਆਂ ਨੇ ਸਿੱਖ ਪੰਥ ਦੀ ਸ਼ਾਨ ਅਤੇ ਸਨਮਾਨ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਦੀਆਂ ਕੁਰਬਾਨੀਆਂ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ।
ਸਰਦਾਰ ਕਾਲਕਾ ਨੇ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ-ਨਾਲ ਉਨ੍ਹਾਂ ਸਿੰਘਾਂ ਨੂੰ ਵੀ ਯਾਦ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਜੋ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਈ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਾਮਲਾ ਸਿਰਫ਼ ਇੱਕ ਕਾਨੂੰਨੀ ਨਹੀਂ, ਸਗੋਂ ਮਨੁੱਖੀ ਅਤੇ ਨੈਤਿਕ ਪੱਖ ਨਾਲ ਵੀ ਜੁੜਿਆ ਹੋਇਆ ਹੈ।
ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥਕ ਮਸਲਿਆਂ ਦੇ ਹੱਲ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਆਪਸੀ ਏਕਤਾ, ਸੰਜੀਦਗੀ ਅਤੇ ਦ੍ਰਿੜ ਸੰਕਲਪ ਨਾਲ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜਦੋਂ ਕੌਮ ਇਕਜੁੱਟ ਹੋ ਕੇ ਆਪਣੇ ਇਤਿਹਾਸ, ਅਸੂਲਾਂ ਅਤੇ ਅਧਿਕਾਰਾਂ ਦੀ ਰੱਖਿਆ ਲਈ ਯਤਨਸ਼ੀਲ ਰਹੇਗੀ।
ਸਰਦਾਰ ਕਾਲਕਾ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਮੁੱਚੀ ਸਿੱਖ ਕੌਮ ਨੂੰ ਚੜ੍ਹਦੀ ਕਲਾ, ਏਕਤਾ ਅਤੇ ਪੰਥਕ ਸੇਵਾ ਦੀ ਤਾਕਤ ਬਖ਼ਸ਼ੀ ਜਾਵੇ।
- Download Babushahi App
-
-