ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ
ਰੋਹਿਤ ਗੁਪਤਾ
ਗੁਰਦਾਸਪੁਰ: 3 ਜੁਲਾਈ 2025 - ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ ,ਆਮ ਕਰਕੇ ਕਿਸਾਨਾਂ ਵਲੋਂ ਯੂਰੀਆ ਅਤੇ ਡੀ ਏ ਪੀ ਜਾਂ ਸੁਪਰ ਖਾਦ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਮਿੱਟੀ ਵਿਚ ਖੁਰਾਕੀ ਤੱਤਾਂ ਦਾ ਸੰਤੁਲਨ ਵਿਗੜ ਜਾਂਦਾ ਹੈ ,ਨਤੀਜਤਨ ਫ਼ਸਲ ਦੀ ਪੈਦਾਵਾਰ ਪ੍ਰਭਾਵਤ ਹੁੰਦੀ ਹੈ। ਝੋਨੇ ਅਤੇ ਬਾਸਮਤੀ ਦੀ ਫ਼ਸਲ ਤੋਂ ਵਧੇਰੇ ਪੈਦਾਵਰ ਲੈਣ ਲਈ ਵੱਡੇ ਅਤੇ ਲਘੂ ਖੁਰਾਕੀ ਤੱਤਾਂ ਦੀ ਲੋੜੀਂਦੀ ਮਾਤਰਾ ਅਤੇ ਜ਼ਰੂਰਤ ਅਨੁਸਾਰ ਵਰਤੋਂ ਕਰਨੀ ਚਾਹੀਦੀ ਹੈ।
ਝੋਨੇ ਦੀ ਫ਼ਸਲ ਵਿਚ ਲਘੂ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਧੇਰੇ ਪੈਦਾਵਾਰ ਦੇਣ ਵਾਲੀਆ ਕਿਸਮਾਂ ਦੀ ਲਵਾਈ ਕਰਨ, ਲਘੂ ਤੱਤਾਂ ਵਾਲੀਆਂ ਅਤੇ ਜੈਵਿਕ ਖਾਦਾਂ ਦੀ ਘੱਟ ਵਰਤੋਂ, ਮਿੱਟੀ ਵਿੱਚ ਲਘੂ ਤੱਤਾਂ ਦੀ ਘਾਟ ਦਾ ਮੁੱਖ ਕਾਰਨ ਹਨ, ਜਿਸ ਦੀ ਪੂਰਤੀ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ, ਲਘੂ ਤੱਤਾਂ ਦੀ ਘਾਟ ਦੀ ਪਹਿਚਾਣ ਅਤੇ ਪੂਰਤੀ ਬਾਰੇ ਕਿਸਾਨਾਂ ਨੂੰ ਸਮੇਂ ਸਿਰ ਜਾਗਰੂੁਕ ਕਰਨਾ ਲਾਜ਼ਮੀ ਹੈ। ਝੋਨੇ ਦੀ ਫ਼ਸਲ ਵਿਚ ਮੁੱਖ ਤੌਰ ਤੇ ਜ਼ਿੰਕ ਅਤੇ ਲੋਹੇ ਦੀ ਘਾਟ ਦੇਖਣ ਨੁੰ ਮਿਲਦੀ ਹੈ । ਉਨ੍ਹਾਂ ਦਸਿਆ ਕਿ ਜ਼ਿੰਕ ਖੁਰਾਕੀ ਤੱਤਾਂ ਝੋਨੇ ਦੀ ਫ਼ਸਲ ਦੇ ਵਾਧੇ ਅਤੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਜੋ ਵੱਖ-ਵੱਖ ਐਂਜ਼ਾਈਮਾਂ ਦਾ ਹਿੱਸਾ ਹੁੰਦਾ ਹੈ। ਉਨ੍ਹਾਂ ਦਸਿਆ ਕਿ ਝੋਨੇ ਦੀ ਪਨੀਰੀ ਲਾਉਣ ਤੋਂ 2-3 ਹਫ਼ਤਿਆਂ ਬਾਅਦ ਜ਼ਿੰਕ ਦੀ ਕਮੀ ਦੇ ਲੱਛਣ ਦਿਖਾਈ ਦਿੰਦੇ ਹਨ ਜਿਸ ਨਾਲ ਬੂਟੇ ਮੱਧਰੇ ਰਹਿ ਜਾਂਦੇ ਹਨ ਅਤੇ ਬੂਟਾ ਜਾੜ ਬਹੁਤ ਘੱਟ ਮਾਰਦਾ ਹੈ। ਉਨ੍ਹਾਂ ਦਸਿਆ ਕਿ ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤੇ ਬਾਅਦ ਵਿੱਚ ਪੱਤੇ ਸੁੱਕ ਜਾਂਦੇ ਹਨ।
ਉਨ੍ਹਾਂ ਦਸਿਆ ਕਿ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21%) ਜਾਂ 16 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ। ਜੇਕਰ ਬੀਜੀ ਫ਼ਸਲ ਵਿੱਚ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਉਸ ਵੇਲੇ ਹੀ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ ਜਾਂ 6.5 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਖੇਤ ਦੇ ਘਾਟ ਵਾਲੇ ਥਾਵਾਂ ਵਿੱਚ ਛੱਟੇ ਨਾਲ ਪਾ ਦਿਉ। ਉਨ੍ਹਾਂ ਦਸਿਆ ਕਿ ਜ਼ਿੰਕ ਤੋਂ ਇਲਾਵਾ ਝੋਨੇ ਦੀ ਫ਼ਸਲ ਵਿਚ ਲੋਹੇ ਦੀ ਘਾਟ ਵੀ ਆ ਜਾਂਦੀ ਹੈ ਜਿਸ ਨਾਲ । ਉਨ੍ਹਾਂ ਦਸਿਆ ਕਿ ਲੋਹਾ ਪੌਦਿਆਂ ਵਿੱਚ ਕਲੋਰੋਫਿੱਲ ਦੇ ਸੰਸ਼ਲੇਸ਼ਣ ਲਈ ਜ਼ਰੂਰੀ ਭੂਮਿਕਾ ਨਿਭਾਉਂਦਾ ਹੈ, ਜਿਸ ਨਾਲ ਪ੍ਰਕਾਸ਼ ਸੰਸ਼ਲੇਸ਼ਣ ਸੰਭਵ ਹੁੰਦੀ ਹੈ।
ਉਨ੍ਹਾਂ ਦਸਿਆ ਕਿ ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿੱਚ ਜਿਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਾਉਣ ਤੋਂ ਲਗਭਗ ਤਿੰਨ ਹਫ਼ਤਿਆਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਅਤੇ ਕਈ ਵਾਰੀ ਸਾਰੀ ਦੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਉਨ੍ਹਾਂ ਦਸਿਆ ਕਿ ਪੀਲੇਪਨ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤੇ ਛੇਤੀ-ਛੇਤੀ ਫ਼ਸਲ ਨੂੰ ਪਾਣੀ ਦਿਉ। ਇੱਕ ਹਫ਼ਤੇ ਦੀ ਵਿੱਥ ਰੱਖ ਕੇ ਇੱਕ ਪ੍ਰਤੀਸ਼ਤ ਲੋਹੇ ਦਾ ਛਿੜਕਾਅ ਪੱਤਿਆਂ ਉੱਪਰ ਕਰੋ। ਇਸ ਲਈ ਇੱਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਲੋਹੇ ਦੀ ਵਰਤੋਂ ਸਿਰਫ ਛਿੜਕਾਅ ਕਰਕੇ ਹੀ ਕੀਤੀ ਜਾਵੇ ਨਾਂ ਕਿ ਛੱਟਾ ਦੇ ਕੇ।