ਟਾਂਡਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ; 190 ਵਿਦਿਆਰਥੀਆਂ ਨੇ ਲਿਆ ਹਿੱਸਾ
ਟਾਂਡਾ ਦੇ ਸਰਕਾਰੀ ਸਕੂਲਾਂ ‘ਚ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ : ਰਮਨਦੀਪ ਕੌਰ
ਹੁਸ਼ਿਆਰਪੁਰ, 3 ਫਰਵਰੀ 2026- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਅਤੇ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਯੰਗ ਪ੍ਰੋਫੈਸ਼ਨਲ, ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ, ਨੈਸ਼ਨਲ ਕਰੀਅਰ ਸਰਵਿਸ ਪੋਰਟਲ ਅਤੇ ਡੀ.ਬੀ.ਈ.ਈ ਆਨਲਾਈਨ ਮੋਬਾਇਲ ਐਪ ਨੂੰ ਭਰ ਕੇ ਘਰ ਬੈਠੇ ਹੀ ਸਰਕਾਰੀ/ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਿਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਿਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵੇਂ ਸਕੂਲਾਂ ਦੇ ਸਮੂਹ ਸਟਾਫ ਅਤੇ 190 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।