ਠੇਕੇ ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਲਦ ਮਿਲੇਗੀ ਵੱਡੀ ਰਾਹਤ- ਵਾਈਸ ਚੇਅਰਮੈਨ
ਪ੍ਰਮੋਦ ਭਾਰਤੀ
ਨੂਰਪੁਰ ਬੇਦੀ 24 ਅਪ੍ਰੈਲ,2026
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਬੀਡੀਪੀਓ ਦਫਤਰ ਨੂਰਪੁਰਬੇਦੀ ਦੇ ਦੌਰੇ ਦੌਰਾਨ ਕਿਹਾ ਕਿ ਸਫਾਈ ਸੇਵਕ ਸਮਾਜ ਦੇ ਸਮਰਪਿਤ ਸੈਨਿਕ ਹੁੰਦੇ ਹਨ, ਜੋ ਸਿਪਾਹੀਆਂ ਵਾਂਗ ਦਿਨ-ਰਾਤ ਆਪਣੀ ਡਿਊਟੀ ਨਿਭਾ ਕੇ ਸਾਨੂੰ ਸਾਫ-ਸੁਥਰਾ ਮਾਹੌਲ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਿਪਾਹੀ ਸਰਹੱਦਾਂ ਦੀ ਰੱਖਿਆ ਕਰਦੇ ਹਨ, ਉੱਥੇ ਸਫਾਈ ਕਰਮਚਾਰੀ ਸ਼ਹਿਰਾਂ ਅਤੇ ਪਿੰਡਾਂ ਨੂੰ ਗੰਦਗੀ ਤੋਂ ਬਚਾ ਕੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਦੇ ਹਨ। ਇਹ ਕਰਮਚਾਰੀ ਬਿਨਾਂ ਕਿਸੇ ਡਰ ਦੇ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦਾ ਸਾਹਮਣਾ ਕਰਦੇ ਹੋਏ ਲੋਕਾਂ ਨੂੰ ਸ਼ੁੱਧ ਹਵਾ ਅਤੇ ਸਾਫ ਪਾਣੀ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸੁਰਿੰਦਰ ਕਲਿਆਣ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕਮਿਸ਼ਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਕਰਮਚਾਰੀਆਂ ਨੂੰ ਤਨਖਾਹ ਸਮੇਂ ਸਿਰ ਮਿਲ ਰਹੀ ਹੈ ਅਤੇ ਜੇਕਰ ਕਿਸੇ ਨੂੰ ਘੱਟ ਤਨਖਾਹ ਮਿਲਦੀ ਹੈ ਤਾਂ ਉਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਜਲਦੀ ਵੱਡੀ ਰਾਹਤ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮਤਾ ਪਾਸ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਮੇਂ-ਸਮੇਂ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ ਅਤੇ ਬਿਮਾਰੀ ਦੀ ਸਥਿਤੀ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਸਫਾਈ ਸੇਵਕਾਂ ਦਾ ਸਤਿਕਾਰ ਕਰਦੇ ਹੋਏ ਸਾਫ-ਸੁਥਰਾ ਵਾਤਾਵਰਨ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਬੀਡੀਪੀਓ ਅਮਰਜੀਤ ਸਿੰਘ ਨੇ ਸੁਰਿੰਦਰ ਕਲਿਆਣ ਦਾ ਉਚੇਚੇ ਤੌਰ ਤੇ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਵਿਭਾਗ ਦੇ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Click to Follow Babushahi Facebook page →