ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ
ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਤਹਿਸੀਲ ਬਟਾਲਾ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਕੀਤੀ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ : 16 ਜੂਨ 2025 :ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਥੋਕ ਅਤੇ ਪ੍ਰਚੂਨ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਜ਼ਾਰੀ ਜਾਂ ਜਮਾਂਖੋਰੀ ਨੂੰ ਰੋਕਿਆ ਜਾ ਸਕੇ।। ਇਸ ਮੌਕੇ ਡਾ. ਮਨਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ।
ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਕਿਸਾਨਾਂ ਨੁੰ ਸਰਕਾਰ ਵਲੋਂ ਨਿਰਧਾਰਿਤ ਮੁੱਲ ਤੇ ਜਨ ਖੇਤੀ ਸਮਗਰੀ ਖਾਸ ਕਰਕੇ ਖਾਦਾ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ । ਉਨਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਨੁੰ ਦੇਖਦਿਆਂ ਖਾਦਾਂ ਦੇ ਅਗਾਂਹ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋਂ ਕਿਸੇ ਕਿਸਾਨ ਨੁੰ ਖਾਦ ਦੀ ਖਰੀਦ ਸਮੇਂ ਕੋਈ ਮੁਸ਼ਕਲ ਪੇਸ਼ ਨਾਂ ਆਵੇ ।ਉਨ੍ਹਾਂ ਦੱਸਿਆ ਕਿ ਜੂਨ 2025 ਤਕ ਕੁੱਲ 62 ਹਜ਼ਾਰ ਮੀਟ੍ਰਿਕ ਟਨ ਯੂਰੀਆ ਅਤੇ 14500 ਮੀਟ੍ਰਿਕ ਟਨ ਡੀ ਏ ਪੀ ਖਾਦ ਚਾਹੀਦੀ ਹੈ ਜਦ ਕਿ ਮਿਤੀ 16 ਜੂਨ ਤੱਕ ਜ਼ਿਲਾ ਗੁਰਦਾਸਪੁਰ ਵਿਚ 51639 ਮੀਟ੍ਰਿਕ ਟਨ ਯੂਰੀਆ ਅਤੇ 6137 ਮੀਟ੍ਰਿਕ ਟਨ ਡੀ ਏ ਪੀ ਖਾਦ ਪਹੁੰਚ ਚੁੱਕੀ ਹੈ।।ਉਨਾਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਝੋਨੇ ਦੀ ਲਵਾਈ ਦਾ ਕੰਮ ਚਲ ਰਿਹਾ ਜੋਂ ਤਕਰੀਬਨ 55-65 ਫੀਸਦੀ ਮੁਕੰਮਲ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਫ਼ਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਡੀ ਏ ਪੀ ਖਾਦ ਦੀ ਲਵਾਈ ਤੋਂ 3-4 ਦਿਨਾਂ ਬਾਅਦ ਛੱਟੇ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਮਿੱਟੀ ਪਰਖ ਰਿਪੋਰਟਾਂ ਦੇ ਅਧਿਐਨ ਤੋਂ ਪਤਾ ਲੱਗਾ ਹੈ ਕਿ ਫਾਸਫੋਰਸ ਖੁਰਾਕੀ ਤੱਤ ਬਹੁਤਾਤ ਵਿਚ ਮੌਜੂਦ ਹੈ ਅਤੇ ਵਧੇਰੇ ਫਾਸਫੋਰਸ ਖੁਰਾਕੀ ਤੱਤ ਦੀ ਵਰਤੋਂ ਕਰਾਂਗੇ ਤਾਂ ਫ਼ਸਲ ਵਿਚ ਜ਼ਿੰਕ ਦੀ ਘਾਟ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਇੱਕ ਬੋਰੀ ਡੀ ਏ ਪੀ ਖਾਦ ਪਾਈ ਗਈ ਸੀ ਤਾਂ ਝੋਨੇ ਜਾਂ ਬਾਸਮਤੀ ਦੀ ਫ਼ਸਲ ਨੂੰ ਡੀ ਏ ਪੀ ਖਾਦ ਪਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਕਣਕ ਦੀ ਫ਼ਸਲ 30 ਫੀਸਦੀ ਹੀ ਫਾਸ ਫੋਰਸ ਦੀ ਵਰਤੋਂ ਕਰਦੀ ਹੈ ਜਦ ਕਿ 70 ਫੀਸਦੀ ਮਿੱਟੀ ਵਿਚ ਜਮਾਂ ਰਹਿੰਦੀ ਹੈ ਜਿਸ ਦੀ ਵਰਤੋਂ ਝੋਨੇ ਦੀ ਫ਼ਸਲ ਕਰ ਲੈਂਦੀ ਹੈ । ਉਨ੍ਹਾਂ ਕਿਹਾ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਤ ਲਿਖਿਆ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।