ਤੰਬਾਕੂ ਮੁਕਤ ਮਹੌਲ ਨਾਲ ਕੀਤੀ ਜਾ ਸਕਦੀ ਹੈ ਸਿਹਤਮੰਦ ਸਮਾਜ ਦੀ ਸਿਰਜਣਾ : ਐਸਐਮਓ ਡਾ. ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ, 21 ਅਕਤੂਬਰ 2025 : ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਅਤੇ ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਬਲਾਕ ਗੋਨਿਆਣਾ ਵਿੱਚ ਤੰਬਾਕੂ ਮੁਕਤ ਯੂਥ ਮੁਹਿੰਮ ਸਫਲਤਾ ਨਾਲ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਤੰਬਾਕੂ ਦੀ ਵਿੱਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਪ੍ਰੇਰਿਤ ਕਰਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਖਾਸਕਰ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ: ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਤੰਬਾਕੂ ਮੁਕਤ ਮਾਹੌਲ ਦੀ ਸਿਰਜਨਾ ਕਰਵਾਉਣਾ ਹੈ, ਤਾਂ ਜੋ ਤੰਦਰੁਸਤ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ।ਉਨ੍ਹਾਂ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਘਰ—ਘਰ ਇਹ ਸੁਨੇਹਾ ਪਹੁੰਚਾਉਣ ਕਿ ਸਿਗਰਟਨੋਸ਼ੀ ਮਾਨਸਿਕ ਦੇ ਨਾਲ—ਨਾਲ ਸਰੀਰਕ ਸਿਹਤ ਤੇ ਮਾੜਾ ਪ੍ਰਭਾਵ ਪਾਉਂਦੀ ਹੈ। ਇਹ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣਦੀ ਹੈ। ਇਸ ਤੋਂ ਇਲਾਵਾ ਇਸ ਨਾਲ ਕੈਂਸਰ ਜਾਂ ਫੇਫੜਿਆਂ ਦੀ ਬਿਮਾਰੀ ਵੀ ਹੋ ਸਕਦੀ ਹੈ।
ਇਸ ਮੌਕੇ ਬੋਲਦਿਆਂ ਛਾਤੀ ਰੋਗ ਮਾਹਿਰ ਡਾ: ਕਮਲਦੀਪ ਗਰਗ ਨੇ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਦੇ ਹੋਏ ਵੀ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਹੋ ਰਹੀ ਹੈ। ਜਿਹੜੀ ਵਰਤੋਂ ਕਰਨ ਵਾਲੇ ਤੋਂ ਇਲਾਵਾ ਉਸ ਦੇ ਸੰਪਰਕ ਵਿੱਚ ਆਉਣ ਵਾਲਿਆਂ ਲਈ ਵੀ ਘਾਤਕ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਸੁਪਰਵਾਈਜ਼ਰ ਪਵਨ ਕ੍ਰਿਸ਼ਨ ਕੁਮਾਰ, ਰੂਪ ਸਿੰਘ, ਕੇਵਲ ਸਿੰਘ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਮਪਹਵ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਹਰਕਰਨ ਸਿੰਘ ਅਤੇ ਰਾਮ ਸਿੰਘ ਆਦਿ ਹਾਜ਼ਰ ਸਨ।