ਥਰਮਲ ਦੇ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਰੋਜਾ ਕਰੰਟ ਲਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2025: ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਨੇ ਦੋ ਤੋਂ 4 ਦਿਸੰਬਰ ਤੱਕ ਹੜਤਾਲ ਕਰਕੇ ਲਹਿਰਾ ਥਰਮਲ ਦੇ ਗੇਟ ਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਮੀਤ ਪ੍ਰਧਾਨ ਬਲਜਿੰਦਰ ਮਾਨ,ਮੀਤ ਪ੍ਰਧਾਨ ਨਾਇਬ ਸਿੰਘ,ਵਿੱਤ ਸਕੱਤਰ ਲਛਮਣ ਸਿੰਘ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਨੇ ਆਪਣੇ ਕਾਰਜ਼ਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਅਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜਮਾਂ ਨੂੰ ਅਣਗੌਲਿਆ ਕਰਨ ਦਾ ਖਮਿਆਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਮੌਜੂਦਾ ਸਰਕਾਰ ਵੱਲੋਂ ਪੱਕਾ ਕਰਨ ਦੀ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਕੰਪਨੀਆਂ ਵੱਲੋਂ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਐਲਾਨ ਮਗਰੋਂ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।
ਆਗੂਆਂ ਨੇ ਸਰਕਾਰ ਤੋਂ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ,15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾਂ ਕਰਨ ਦੇ ਵਿਰੋਧ ਵਜੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ 2-3 ਅਤੇ 4 ਦਸੰਬਰ ਨੂੰ ਤਿੰਨ ਰੋਜਾ ਹੜਤਾਲ ਕਰਕੇ ਪਲਾਂਟ ਦੇ ਮੁੱਖ ਗੇਟ ਤੇ ਰੋਸ ਪ੍ਰਦਰਸ਼ਨ ਕਰਨਗੇ।