ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ (ਵੀਡੀਓ ਵੀ ਦੇਖੋ)
ਅੰਮ੍ਰਿਤਸਰ 14 ਮਾਰਚ 2025 - ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਭਿੰਡਰਾ ਵਾਲਿਆ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਭੇਟ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਜਥੇਦਾਰ ਗੜਗੱਜ ਬੀਤੀ ਸ਼ਾਮ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ ਸਨ। ਇਸ ਮੌਕੇ ਦੋਵਾਂ ਸਖਸ਼ੀਅਤਾਂ ਨੇ ਲੰਮਾ ਸਮਾਂ ਗੁਰਮਤਿ ਪ੍ਰਚਾਰ ਲਹਿਰ ਵਿਚ ਤੇਜ਼ੀ ਲਿਆਉਣ ਅਤੇ ਪੰਥ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/622817953860244
ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ, ਪਤਿਤ ਪੁਣਾ ਅਤੇ ਦੇਹਧਾਰੀ ਗੁਰੂਡੰਮ ਦੇ ਨਾਲ ਨਾਲ ਈਸਾਈਅਤ ਦਾ ਪ੍ਰਚਾਰ ਜੌਰ ਸ਼ੋਰ ਨਾਲ ਚੱਲ ਰਿਹਾ ਹੈ। ਪੰਜਾਬ ਨੂੰ ਆਰਥਿਕ ਪੱਖੋਂ ਘਸਿਆਰਾ ਬਣਾ ਦਿੱਤਾ ਗਿਆ ਹੈ। ਸਾਜਿਸ਼ੀ ਢੰਗ ਨਾਲ ਬਿਰਤਾਂਤ ਸਿਰਜ ਕੇ ਸਿੱਖ ਨੌਜਵਾਨਾਂ ਨੂੰ ਵਿਦੇਸ਼ ਵਿਚ ਕੰਮ ਲਈ ਉਕਸਾਇਆ ਜਾ ਰਿਹਾ ਹੈ। ਪੰਜਾਬ ਦੇ ਜਾਇਆ ਨੂੰ ਪੈਰ ਪੈਰ ਤੇ ਮੁਸ਼ਕਿਲਾਂ ਦਰਪੇਸ਼ ਹਨ। ਅਜਿਹੀ ਹਾਲਤ ਵਿਚ ਸਾਨੂੰ ਕੌਮੀ ਏਕਤਾ ਦੀ ਲੋੜ ਹੈ। ਉਹਨਾਂ ਟਕਸਾਲ ਮੁਖੀ ਨੂੰ ਕੌਮੀ ਹਾਲਾਤਾਂ ਨਾਲ ਨਜਿੱਠਣ ਲਈ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਤੇ ਸੰਤ ਬਾਬਾ ਰਾਮ ਸਿੰਘ ਖ਼ਾਲਸਾ ਨੇ ਜਥੇਦਾਰ ਨੂੰ ਧਰਮ ਪ੍ਰਚਾਰ ਖੇਤਰ ਵਿਚ ਹਰ ਸੰਭਵ ਸਹਿਯੋਗ ਦੇਣ ਲਈ ਹਾਮੀ ਭਰੀ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦਾ ਵਿਰੋਧ ਜਾ ਹੁਕਮ ਅਦੂਲੀ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਟਕਸਾਲ ਮੁਖੀ ਨੇ ਕਿਹਾ ਕਿ ਜਿਥੇ ਵੀ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਡਿਊਟੀ ਲਗਾਵੇਗਾ ਅਸੀਂ ਉਹ ਸੇਵਾ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਭਾਈ ਰਾਜਨ ਦੀਪ ਸਿੰਘ ਸਾਜਨ ਦੀਪ ਸਿੰਘ, ਭਾਈ ਸੁਮੇਰ ਸਿੰਘ ਆਦਿ ਹਾਜਰ ਸਨ।