ਦਰਿੰਦਗੀ: ਖੰਨਾ 'ਚ 5ਵੀਂ ਜਮਾਤ ਦੀ ਮਾਸੂਮ ਨਾਲ ਜ਼ਬਰ-ਜਨਾਹ; ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਰਵਿੰਦਰ ਢਿੱਲੋਂ
ਖੰਨਾ, 18 ਫਰਵਰੀ 2026- ਖੰਨਾ ਦੇ ਮਲੌਦ ਇਲਾਕੇ ਵਿੱਚ ਪੰਜਵੀਂ ਜਮਾਤ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਗੁਰਵਿੰਦਰ ਸਿੰਘ ਵਾਸੀ ਪਿੰਡ ਸਿਹੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
ਥਾਣਾ ਮੁਖੀ ਚਰਨਜੀਤ ਸਿੰਘ ਦੇ ਮੁਤਾਬਕ, ਇਸ ਘਟਨਾ ਸਬੰਧੀ 15 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਕੱਪੜਿਆਂ ਦਾ ਬਹਾਨਾ ਲਾ ਕੇ ਆਪਣੇ ਘਰ ਬੁਲਾਇਆ ਸੀ। ਉੱਥੇ ਉਸ ਨੇ ਲੜਕੀ ਨਾਲ ਜ਼ਬਰ ਜਨਾਹ ਕੀਤਾ।
ਘਟਨਾ ਦੇ ਬਾਅਦ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ। ਪੁਲਿਸ ਨੇ ਪੀੜਿਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਦੋਸ਼ੀ ਨੂੰ ਫੌਰੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਮਾਮਲੇ ਨੂੰ ਮਜ਼ਬੂਤੀ ਨਾਲ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਧਾਰਾਵਾਂ ਹੇਠ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਿਹੜਾ ਵੀ ਤੱਥ ਸਾਹਮਣੇ ਆਵੇਗਾ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੀੜਿਤ ਪਰਿਵਾਰ ਨੂੰ ਪੂਰਾ ਨਿਆਂ ਦਿਵਾਉਣ ਲਈ ਪੁਲਿਸ ਵਚਨਬੱਧ ਹੈ ਅਤੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।