ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਸਫ਼ਲਤਾ ਪੂਰਵਕ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 14 ਜੁਲਾਈ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਿਖੇ “ਯੁੱਧ ਨਸ਼ਿਆ ਵਿਰੁੱਧ” ਤਹਿਤ ਜ਼ਿਲ੍ਹੇ ਅੰਦਰ ਨਸ਼ੇ ਨੂੰ ਠੱਲ ਪਾਉਣ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਪਤਵੰਤਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ ਨੇ ਸਬੰਧਤ ਅਧਿਕਾਰੀਆਂ ਅਤੇ ਮੌਜੂਦ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਵੱਧ ਤੋਂ ਵੱਧ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਵੇ।
ਉਪ ਮੰਡਲ ਮੈਜਿਸਟ੍ਰੇਟ ਸ. ਮਾਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਪਿੰਡਾਂ ਵਿਚ ਪਿੰਡ ਰੱਖਿਆ ਕਮੇਟੀਆਂ ਅਤੇ ਸ਼ਹਿਰਾਂ ਵਿੱਚ ਵਾਰਡ ਰੱਖਿਆ ਕਮੇਟੀਆਂ ਦਾ ਵੱਧ ਤੋਂ ਵੱਧ ਗਠਿਨ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦਾ ਵੱਧ ਤੋਂ ਵੱਧ ਦਿੱਤਾ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੀਟਿੰਗ ਦੌਰਾਨ ਉਪ ਕਪਤਾਨ ਪੁਲਿਸ ਸਿਟੀ-1, ਉਪ ਕਪਤਾਨ ਪੁਲਿਸ ਸਿਟੀ-2, ਉਪ ਕਪਤਾਨ ਪੁਲਿਸ (ਦਿਹਾਤੀ), ਉਪ ਕਪਤਾਨ ਪੁਲਿਸ ਭੁੱਚੋ, ਸੀਨੀਅਰ ਮੈਡੀਕਲ ਅਫਸਰ ਬਠਿੰਡਾ/ਸੰਗਤ/ਗੋਨਿਆਣਾ/ਨਥਾਣਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਠਿੰਡਾ, ਸੰਗਤ, ਗੋਨਿਆਣਾ, ਨਥਾਣਾ ਤੋਂ ਇਲਾਵਾ ਸਬ ਡਵਜੀਨ ਬਠਿੰਡਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਬਠਿੰਡਾ (ਸ਼ਹਿਰੀ) ਬਠਿੰਡਾ (ਦਿਹਾਤੀ) ਅਤੇ ਹਲਕਾ ਭੁੱਚੋ ਦੇ ਮੋਹਤਵਰ ਵਿਅਕਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।