ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ
ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਜਲੰਧਰ, 1 ਜਨਵਰੀ 2025: ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਖੁੱਲ੍ਹੇ ਛੱਡ ਦਿੰਦੇ ਹਨ, ਜਿਸ ਨਾਲ ਸੜਕਾਂ ’ਤੇ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਖੱਲ੍ਹੀਆਂ ਥਾਵਾਂ ’ਤੇ ਛੱਡਣ ਨਾਲ ਇਹ ਅਕਸਰ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ ਅਤੇ ਸੜਕ ਹਾਦਸੇ ਦਾ ਸ਼ਿਕਾਰ ਬਣਦੇ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਸੂਚਨਾ ਦੇਣ ਲਈ ਵਟਸਐਪ ਨੰਬਰ 96462-22555 ’ਤੇ ਲੋਕੇਸ਼ਨ ਅਤੇ ਫੋਟੋਆਂ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ।
ਇਸ ਜਨਤਕ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਨਗਰ ਕੌਂਸਲਜ਼/ਬੀ.ਡੀ.ਪੀ.ਓਜ਼ ਅਤੇ ਜ਼ਿਲ੍ਹਾ ਪੁਲਿਸ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪਾਬੰਦੀ ਦੇ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।