ਪਿੰਡ ਚੱਕ ਗੁਰੂ ‘ਚ ਕਰਵਾਇਆ ਕੀਰਤਨ ਦਰਬਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 3 ਨਵੰਬਰ 2025
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਹੇਠ ਅੱਜ ਇਥੇ ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।
ਪਿੰਡ ਸਰਹਾਲ ਕਾਜ਼ੀਆਂ ਤੋਂ ਬਾਅਦ ਜ਼ਿਲੇ ਵਿਚ ਅੱਜ ਹੋਏ ਸ਼ਹੀਦੀ ਪੁਰਬ ਨੂੰ ਸਮਰਪਿਤ ਦੂਸਰੇ ਕੀਰਤਨ ਦਰਬਾਰ ਸਮਾਗਮ ਦੌਰਾਨ ਇਲਾਹੀ ਬਾਣੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਭਾਈ ਚਰਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਦੇ ਕੀਰਤਨੀ ਜਥੇ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰੂ ਜੀ ਦੇ ਮਹਾਨ ਜੀਵਨ ਅਤੇ ਕੁਰਬਾਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।
ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਹ ਸਮਾਗਮ 25 ਨਵੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਤੋਂ 18 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਜਾਵੇਗਾ। ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਨੇ ਸੰਗਤਾਂ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਗੁਰਦਾਵਾਰਾ ਕਮੇਟੀ ਅਤੇ ਪਿਂਡ ਵਾਸੀਆਂ ਵੱਲੋਂ ਰੱਖੀ ਮੰਗ ਬਾਰੇ ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਸਰਕਾਰ ਪਾਸੋਂ ਵਿਸ਼ੇਸ਼ ਗ੍ਰਾਂਟ ਹਾਸਲ ਕਰਕੇ ਦੋਵੇਂ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ।
ਸਮਾਗਮ ਦੌਰਾਨ ਪਿੰਡ ਵਾਸੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ। ਇਸ ਮੌਕੇ ਐਸ.ਡੀ.ਐਮ. ਵਿਪਨ ਭੰਡਾਰੀ, ਨਾਇਬ ਤਹਿਸੀਲਦਾਰ ਵਿਕਰਮ ਕੁਮਾਰ, ਪਟਵਾਰੀ ਅਜੈ ਕੁਮਾਰ, ਮੁੱਖ ਸੇਵਾਦਾਰ ਬਾਬਾ ਸਾਹਿਬ ਸਿੰਘ, ਸਰਪੰਚ ਕਸ਼ਮੀਰ ਲਾਲ, ਪੰਚ ਜਨਕ ਰਾਜ, ਰਾਜਇੰਦਰ ਸਿੰਘ, ਕੁਲਵਿੰਦਰ ਸਿੰਘ, ਜੋਤੀ ਅਤੇ ਬਿਮਲਾ ਸਰੋਆ ਆਦਿ ਵੀ ਮੌਜੂਦ ਸਨ।