ਪਿੰਡ ਰਾਊਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ
ਕਿਸਾਨਾਂ ਨੂੰ ਅਪੀਲ-ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ
ਰੋਹਿਤ ਗੁਪਤਾ
ਬਟਾਲਾ, 19 ਸਤੰਬਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਰਾਊਵਾਲ ਸਰਕਲ ਭੱਟੀਆਂ ਬਲਾਕ ਕਾਹਨੂੰਵਾਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵਲੋਂ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ ਤੇ ਕਿਸਾਨਾ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਸਬਜੀ ਕਾਸ਼ਤਕਾਰਾਂ ਵਲੋਂ ਅਕਸਰ ਖੇਤ ਨੂੰ ਜਲਦੀ ਤਿਆਰ ਕਰਨ ਦੇ ਇਰਾਦੇ ਨਾਲ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੁੰ ਅੱਗ ਦਿੱਤੀ ਜਾਂਦੀ ਹੈ ਜਿਸ ਹਵਾ ਦਾ ਪ੍ਰਦੂਸ਼ਣ ਵਧਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦਸਿਆ ਕਿ ਸਬਦ਼ੀਆਂ ਦੀ ਸਫਲ ਕਾਸ਼ਤ ਲਈ ਜਰਖੇਦ਼ ਮਿੱਟੀ ਦੀ ਜ਼ਰੂਰਤ ਹੁੰਦੀ ਹੈ ਅਤੇ ਖੇਤਾਂ ਦੀ ਮਿੱਟੀ ਜਰਖੇਜ਼ ਤਾਂ ਹੀ ਹੋ ਸਕਦੀ ਹੈ, ਜੇਕਰ ਫ਼ਸਲੀ ਰਹਿੰਦ ਖੁੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਸਬਜ਼ੀ ਖਾਸ ਕਰਕੇ ਗੋਭੀ , ਮਟਰ ਅਤੇ ਆਲੂ ਦੀ ਕਾਸ਼ਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਜਿੱਥੇ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਦੀ ਹੈ ਉੱਥੇ ਸਬਜੀਆਂ ਦੇ ਮਿਆਰੀਪਣ ਵਿਚ ਵੀ ਸੁਧਾਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਾਲ 2025-26 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ 'ਤੇ ਲਿਆਉਣ ਲਈ ਵੱਡੀ ਪੱਧਰ ਤੇ ਵਿਉਂਤਬੰਦੀ ਕੀਤੀ ਗਈ ਹੈ , ਜਿਸ ਤਹਿਤ ਸਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੁੰ ਅੱਗ ਲਗਾ ਕੇ ਨਾ ਸਾੜਨ ਲਈ ਪ੍ਰੇਰਿਤ ਕਰਨਾ ਅਤੇ ਬੇਲਰਾਂ ਦਾ ਪ੍ਰਬੰਧ ਕਰਨਾ ਹੈ। ਉਨ੍ਹਾਂ ਦਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਨਾਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਭਨਾਂ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਇਸ ਲਈ ਸਬਜੀ ਕਾਸ਼ਤਕਾਰਾਂ ਨੂੰ ਇਸ ਮੁਹਿੰਮ ਵਿਚ ਜ਼ਿਲਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਾ ਚਾਹੀਦਾ।