ਪ੍ਰਧਾਨ ਮੰਤਰੀ ਫਰਾਖ਼ਦਿਲੀ ਵਿਖਾਉਂਦਿਆਂ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨਣ- ਸ਼ੈਰੀ ਕਲਸੀ
ਕਿਹਾ-ਪੰਜਾਬੀਆਂ ਦੀ ਦੇਸ਼ ਸੇਵਾ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਫੰਡਾਂ ਨੂੰ ਤੁਰੰਤ ਜਾਰੀ ਕਰੇ
ਰੋਹਿਤ ਗੁਪਤਾ
ਬਟਾਲਾ, 9 ਸਤੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੱਲ 9 ਸਤੰਬਰ ਨੂੰ ਗੁਰਦਾਸਪੁਰ ਵਿਖੇ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕੀਤੇ ਜਾਣ, ਜਿਸ ਵਿੱਚ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਦੇ ਬਕਾਇਆ 8,000 ਕਰੋੜ ਰੁਪਏ ਸ਼ਾਮਲ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵਲੋਂ ਵੀ ਬੀਤੇ ਦਿਨੀਂ ਬਕਾਇਆ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਨੇ ਹੜ੍ਹ ਮੁਆਵਜ਼ੇ ਵਿੱਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 4.50 ਲੱਖ ਏਕੜ ਤੋਂ ਵੱਧ ਖੇਤੀ ਵਾਲਾ ਰਕਬਾ ਪਾਣੀ ‘ਚ ਡੁੱਬ ਗਿਆ ਹੈ ਅਤੇ 3 ਲੱਖ ਤੋਂ ਵੱਧ ਪਸ਼ੂਧਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸੈਂਕੜੇ ਘਰ ਨੁਕਸਾਨੇ ਗਏ ਹਨ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰਦਿਆਂ ਕਿਹਾ ਕਿ ਉਹ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਸੰਜੀਦਗੀ ਦਿਖਾਉਂਦਾ ਹੋਏ ਫਰਾਖਦਿੱਲੀ ਨਾਲ ਪੰਜਾਬ ਦੀ ਵਿੱਤੀ ਮਦਦ ਕਰਨ।
ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਜਿਲ੍ਹੇ ਸਮੇਤ ਸਮੂਹ ਪੰਜਾਬੀਆਂ ਵਲੋਂ ਸਰਹੱਦੀ ਜਿਲ੍ਹੇ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦੇ ਹਨ ਪਰ ਮੈਂ ਨਾਲ ਹੀ ਉਨ੍ਹਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਕਿ ਉਹ ਇਸ ਗੰਭੀਰ ਸੰਕਟ ਨੂੰ ਵੇਖਦਿਆਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਲੈ ਕੇ ਆਉਣ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ, ਅਤੇ ਦੇਸ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ਲਈ ਜਾਨਾ ਨਿਛਾਵਰ ਕੀਤੀਆਂ ਹਨ , ਇਸ ਲਈ ਪ੍ਰਧਾਨ ਮੰਤਰੀ ਪੰਜਾਬ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਰਾਹਤ ਪੈਕੇਜ ਲੈ ਕੇ ਆਉਣ।
ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼ ਦੀਆਂ ਸੱਤਾਧਾਰੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਪੱਖਪਾਤੀ ਰਵੱਈਆ ਅਪਣਾਇਆ ਹੈ ਪਰ ਹੁਣ ਉਨ੍ਹਾਂ ਨੂੰ ਆਸ ਹੈ ਕਿ ਗੁਰੂਆਂ, ਪੀਰਾਂ ਤੇ ਸ਼ਹੀਦਾਂ ਦੀ ਧਰਤੀ ਗੁਰਦਾਸਪੁਰ ਲਈ ਪ੍ਰਧਾਨ ਮੰਤਰੀ ਵੱਡਾ ਦਿਲ ਦਿਖਾਉਂਣਗੇ ਅਤੇ ਹੜ ਪੀੜਤਾਂ ਦੀ ਵਿੱਤੀ ਸਹਾਇਤਾ ਲਈ ਸਨਮਾਨਯੋਗ ਰਾਹਤ ਪੈਕੇਜ ਦੇਣਗੇ
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਕੁਦਰਤੀ ਕਹਿਰ ਕਰਕੇ ਬਣੇ ਹਾਲਾਤਾਂ ‘ਚੋਂ ਸੂਬੇ ਨੂੰ ਉਭਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਹੜ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਨਿਰੰਤਰ ਜਾਰੀ ਹਨ ਅਤੇ ਲੋੜਵੰਦ ਲੋਕਾਂ ਸਮੇਤ ਪਸ਼ੂਆਂ ਲਈ ਰਾਹਤ ਸਮੱਗਰੀ ਪੁਜਦਾ ਕੀਤੀ ਗਈ ਹੈ।