ਪ੍ਰਸ਼ਾਸ਼ਨ ਵੱਲੋਂ ਗੁਰੂ ਅਮਰਦਾਸ ਅਪਾਹਜ ਆਸ਼ਰਮ, ਸਰਾਭਾ ਵਿਖੇ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ
ਸੁਖਮਿੰਦਰ ਭੰਗੂ
ਲੁਧਿਆਣਾ, 26 ਜੂਨ 2025 - ਜ਼ਿਲ੍ਹਾ ਪ੍ਰਸਾ਼ਸਨ ਵੱਲੋਂ ਅੱਜ ਗੁਰੂ ਅਮਰਦਾਸ ਅਪਾਹਜ ਆਸ਼ਰਮ, ਪਿੰਡ ਸਰਾਭਾ ਵਿਖੇ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਡਾ. ਪ੍ਰਗਤੀ ਆਈ.ਏ.ਐਸ. (ਯੂ.ਟੀ.), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਇੰਦਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਪ੍ਰੋਗਰਾਮ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਨਿੱਜੀ ਤੌਰ 'ਤੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦੌਰਿਆਂ ਦੌਰਾਨ ਭਾਈਚਾਰੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਨੂੰ ਰੋਕਣ, ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਕਰਨ ਅਤੇ ਨਸ਼ਿਆਂ ਦੀ ਮੰਗ ਨੂੰ ਘਟਾਉਣ 'ਤੇ ਕੇਂਦਰਿਤ ਤਿੰਨ-ਪੱਖੀ ਰਣਨੀਤੀ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਵਜੋਂ ਵਿਕਸਤ ਕੀਤਾ ਜਾਵੇ ਜਿਸ ਦਾ ਉਦੇਸ਼ ਪੰਜਾਬ ਖਾਸ ਕਰਕੇ ਲੁਧਿਆਣਾ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ, ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਜਾਗਰੂਕਤਾ ਗਤੀਵਿਧੀਆਂ ਦੀ ਯੋਜਨਾ ਬਣਾਉਣ ਅਤੇ ਚਲਾਉਣ 'ਤੇ ਵੀ ਜ਼ੋਰ ਦਿੱਤਾ।