ਪੰਜਾਬੀ ਯੂਨੀਵਰਸਿਟੀ ਵਿਖੇ 36ਵੀਂ ਅੰਤਰਰਾਸ਼ਟਰੀ ਪੰਜਾਬ ਵਿਕਾਸ ਕਾਨਫ਼ਰੰਸ ਸੰਪੰਨ
- ਅਸੀਂ ਵਿਰਾਸਤ ਤੇ ਮਰਿਆਦਾ ਦੇ ਅਧਾਰ 'ਤੇ ਹੀ ਅੱਗੇ ਵਧ ਸਕਦੇ ਹਾਂ: ਸ. ਗੁਰਮੀਤ ਸਿੰਘ ਖੁੱਡੀਆਂ
ਪਟਿਆਲਾ, 12 ਦਸੰਬਰ 2024 - ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨਾਲ਼ ਸਬੰਧਤ ਬੁਨਿਆਦੀ ਮੁੱਦਿਆਂ ਨਾਲ਼ ਨਿਪਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪੰਜਾਬੀ ਯੂਨੀਵਰਸਿਟੀ ਤੇ ਸੂਬੇ ਦੀਆਂ ਹੋਰ ਸੰਸਥਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਅੱਜ ਇੱਥੇ 36ਵੀਂ ਅੰਤਰਰਾਸ਼ਟਰੀ ਪੰਜਾਬ ਵਿਕਾਸ ਕਾਨਫ਼ਰੰਸ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸ. ਖੁੱਡੀਆਂ ਨੇ ਕਿਹਾ ਕਿ ਅਸੀਂ ਵਿਰਾਸਤ ਤੇ ਮਰਿਆਦਾ ਨੂੰ ਆਪਣੇ ਸਾਹਮਣੇ ਰੱਖ ਕੇ ਹੀ ਅੱਗੇ ਵਧ ਸਕਦੇ ਹਾਂ ਅਤੇ ਇਸ ਸਬੰਧ ਵਿੱਚ ਸਾਨੂੰ ਆਪਣੇ ਮਹਾਨ ਇਤਿਹਾਸ ਤੋਂ ਜਾਣੂ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵਰਤਮਾਨ ਸਮੇਂ ਪਦਾਰਥਵਾਦੀ ਜੀਵਨ ਜਾਚ ਨੇ ਜ਼ੋਰ ਫੜ ਲਿਆ ਹੈ ਅਤੇ ਅਸੀਂ ਆਪਣੀ ਮਹਾਨ ਵਿਰਾਸਤ ਨੂੰ ਪਿੱਛੇ ਛੱਡਦੇ ਜਾ ਰਹੇ ਹਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਈ ਗਈ ਜੀਵਨ ਸ਼ੈਲੀ ਨੂੰ ਅਪਣਾ ਕੇ ਹੀ ਅਸੀਂ ਆਪਣੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਾਂ।
ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਖ-ਵੱਖ ਪਾਸਿਆਂ ਤੋਂ ਖੋਰਾ ਲੱਗ ਰਿਹਾ ਹੈ ਅਤੇ ਸਾਨੂੰ ਇਸ ਦੇ ਵਾਸਤੇ ਗੰਭੀਰ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਮਹਿਕਮਿਆ 'ਚ ਕੀਤੀ ਗਈ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ਼ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਪੀੜੀ ਦੇ ਵਿਦੇਸ਼ਾਂ ਵੱਲ ਜਾਣ ਅਤੇ ਪਦਾਰਥਵਾਦੀ ਜੀਵਨ ਨੂੰ ਅਪਣਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਹੀ ਰਾਹ ਅਖਤਿਆਰ ਕਰਨ ਲਈ ਨੌਜਵਾਨਾਂ ਨੂੰ ਖੁਦ ਚਿੰਤਾ ਕਰਨੀ ਹੋਵੇਗੀ ਤਾਂ ਹੀ ਉਹ ਇਸ ਵੇਲੇ ਦੀਆਂ ਦਰਪੇਸ਼ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਨ।
ਇਸ ਮੌਕੇ ਪੰਜਾਬ ਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਸਰਦਾਰ ਮਹਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਆਪਣੇ ਸੰਬੋਧਨ ਦੌਰਾਨ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਵਾਇਆ।
ਇਸ ਮੌਕੇ ਉੱਘੇ ਵਿਦਵਾਨ ਅਮਰਜੀਤ ਸਿੰਘ ਗਰੇਵਾਲ ਅਤੇ ਉੱਘੇ ਸਾਹਿਤਕਾਰ ਸਵਰਨਜੀਤ ਸਵੀ ਨੇ ਵੀ ਵੱਖ-ਵੱਖ ਮੁੱਦਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਇਸ 36ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਮਹੱਤਤਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਗਾਤਾਰ ਮਹੱਤਵਪੂਰਨ ਮੁੱਦਿਆਂ ਉੱਤੇ ਇਸ ਤਰ੍ਹਾਂ ਦੇ ਸੈਮੀਨਾਰ ਅਤੇ ਕਾਨਫ਼ਰੰਸ ਕਰਵਾਉਂਦੀ ਰਹੇਗੀ।
ਇਸ ਮੌਕੇ ਵਧੀਕ ਡੀਨ ਖੋਜ ਪ੍ਰੋ. ਮੁਕੇਸ਼ ਠੱਕਰ ਅਤੇ ਡੀਨ ਭਸ਼ਾਵਾਂ ਪ੍ਰੋ. ਬਲਵਿੰਦਰ ਕੌਰ ਸਿੱਧੂ ਨੇ ਕਾਨਫ਼ਰੰਸ ਬਾਰੇ ਆਪਣੇ ਵਿਚਾਰ ਪ੍ਰਗਟਾਏ।
ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਕਾਨਫ਼ਰੰਸ ਦੌਰਾਨ ਚੱਲੇ ਵੱਖ-ਵੱਖ ਅਕਾਦਮਿਕ ਸੈਸ਼ਨਾਂ ਦੌਰਾਨ 150 ਦੇ ਕਰੀਬ ਖੋਜ ਪੱਤਰ ਪੜ੍ਹੇ ਗਏ।