ਪੰਜਾਬ 'ਚ ਬਿਜਲੀ ਸੰਕਟ: 1 ਮਈ ਤੋਂ ਮਿਲੇਗੀ ਰਾਹਤ; ਸੰਜੀਵ ਅਰੋੜਾ ਨੇ ਦਿੱਤਾ ਭਰੋਸਾ
Babushahi Network
ਚੰਡੀਗੜ੍ਹ 27 ਅਪ੍ਰੈਲ 2026: ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਬਿਜਲੀ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਭਰੋਸਾ ਦਿੱਤਾ ਹੈ ਕਿ 1 ਮਈ ਤੋਂ ਸੂਬੇ ਵਿੱਚ ਬਿਜਲੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ ਅਤੇ ਪਾਵਰ ਸ਼ੋਰਟੇਜ (ਬਿਜਲੀ ਦੀ ਘਾਟ) ਬਿਲਕੁਲ ਖ਼ਤਮ ਹੋ ਜਾਵੇਗੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਆਮ ਤੌਰ 'ਤੇ ਬਿਜਲੀ ਦੀ ਇੰਨੀ ਜ਼ਿਆਦਾ ਮੰਗ ਮਈ ਦੇ ਆਖਰੀ ਹਫ਼ਤੇ ਵਿੱਚ ਦੇਖਣ ਨੂੰ ਮਿਲਦੀ ਹੈ। ਪਰ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਅਤੇ ਜ਼ਿਆਦਾ ਪੈਣ ਕਾਰਨ ਅਪ੍ਰੈਲ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਸੰਕਟ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਵਿੱਚ ਬਣਿਆ ਹੋਇਆ ਹੈ।
ਸੰਜੀਵ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਪੰਜਾਬ ਨੂੰ ਬਾਹਰੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵਿੱਚ ਵੀ ਕਮੀ ਆਈ ਹੈ, ਜਿਸ ਕਾਰਨ ਸੂਬੇ 'ਤੇ ਦਬਾਅ ਵਧਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਬਿਜਲੀ ਮੰਤਰੀ ਨੇ ਮੁੜ ਦੁਹਰਾਇਆ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਫ਼ੀ ਹੱਦ ਤੱਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਹਿਯੋਗ ਦੇਣ। (GP)
Click to Follow Babushahi Facebook page →