ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ
ਕੁਲਵਿੰਦਰ ਸਿੰਘ /
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ 24 ਮਈ
ਅੰਮ੍ਰਿਤਸਰ ਦਿਹਾਤੀ ਦੇ ਮਜੀਠਾ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਏਐਸਆਈ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਲਈ ਘਰੋਂ ਨਿਕਲਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਸੰਭਾਵੀ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਮਹਿਕਮੇ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਏਐਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ, ਅੰਮ੍ਰਿਤਸਰ ਸਿਟੀ ਪੁਲਿਸ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਤੋਂ ਐਕਟਿਵਾ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਹੇ ਸਨ। ਜਿਵੇਂ ਹੀ ਉਹ ਹਮਜਾ ਮੋੜ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੋਰੈਂਸਿਕ ਮਾਹਿਰਾਂ ਅਤੇ ਟੈਕਨੀਕਲ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਸਬੰਧ ਵਿੱਚ ਮੌਕੇ ਤੇ ਪਹੁੰਚੇ ਐਸਐਸਪੀ ਦਿਹਾਤੀ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ 'ਤੇ ਸਾਡੇ ਇੱਕ ਪੁਲਿਸ ਮੁਲਾਜ਼ਮ ਏਐਸਆਈ ਜੋਗਾ ਸਿੰਘ ਦੀ ਡੈੱਡ ਬਾਡੀ ਪਈ ਹੈ। ਸੂਚਨਾ ਮਿਲਦਿਆਂ ਹੀ ਐਸਐਚਓ ਮਜੀਠਾ ਮੌਕੇ 'ਤੇ ਪਹੁੰਚੇ। ਮੌਕੇ ਦੀ ਜਾਂਚ ਦੌਰਾਨ ਗੋਲੀਆਂ ਦੇ ਨਿਸ਼ਾਨ ਮ੍ਰਿਤਕ ਸਰੀਰ ਤੇ ਪਾਏ ਗਏ ਹਨ ਮ੍ਰਿਤਕ ਸਰੀਰ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫੋਰੈਂਸਿਕ ਅਤੇ ਟੈਕਨੀਕਲ ਟੀਮਾਂ ਜਾਂਚ ਕਰ ਰਹੀਆਂ ਹਨ। ਇਹ ਕਾਫੀ ਚਲਦਾ ਰੋਡ ਹੈ, ਇਸ ਲਈ ਨਿੱਜੀ ਰੰਜਿਸ਼, ਰੋਡ ਰੇਜ ਜਾਂ ਹੋਰ ਕਿਸੇ ਵੀ ਸੰਭਾਵੀ ਐਂਗਲ ਤੋਂ ਜਾਂਚਕੀਤੀ ਜਾ ਰਹੀ ਹੈ।ਓਹਨਾ ਨੇ ਜਲਦੀ ਹੀ ਮਾਮਲੇ ਨੂੰ ਸੁਲਝਾਉਣ ਦੀ ਗੱਲ ਵੀ ਕਹੀ
ਜ਼ਿਕਰਯੋਗ ਹੈ ਕਿ ਹੋਰਨਾਂ ਇਲਾਕਿਆਂ ਸਮੇਤ ਮਜੀਠਾ ਵਿੱਚ ਵੀ ਆਉਣ ਵਾਲੇ ਦੋ ਦਿਨਾਂ ਵਿਚ 26 ਮਈ ਨੂੰ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਪੂਰੇ ਹਲਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਬੀਤੇ ਦਿਨੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਵੀ ਦਿੱਤਾ ਗਿਆ ਸੀ। ਅਜਿਹੇ ਹਾਲਾਤਾਂ ਵਿੱਚ ਇੱਕ ਡਿਊਟੀ ਕਰਨ ਜਾ ਰਹੇ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਹੋ ਜਾਣ ਕਾਰਨ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜ੍ਹੇ ਹੋ ਰਹੇ ਹਨ।
- Download Babushahi App
-
-