ਪੰਜਾਬ ਸਰਕਾਰ ਨੇ ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ ਦਿੰਦਿਆਂ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ - ਵਿਧਾਇਕ ਰੰਧਾਵਾ
1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ,204 ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ
ਸਾਲ ਦੌਰਾਨ 3 ਕਰੋੜ ਰੁਪਏ ਵੰਡੇ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 26 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੌਮੀ ਪਸ਼ੂ-ਧਨ ਮਿਸ਼ਨ ਦੀ ਜੋਖ਼ਮ ਪ੍ਰਬੰਧਨ ਅਤੇ ਪਸ਼ੂ-ਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 2 ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ 3 ਕਰੋੜ ਰੁਪਏ ਵੰਡੇ ਗਏ ਹਨ। ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬੀਮਾ ਯੋਜਨਾ ਦੇ ਲਾਭਾਂ, ਕਲੇਮ ਪ੍ਰਕਿਰਿਆਵਾਂ ਅਤੇ ਪਸ਼ੂ ਸਿਹਤ ਪ੍ਰਬੰਧਨ ਬਾਰੇ ਸਿੱਖਿਅਤ ਕਰਨ ਲਈ 47 ਸੂਬਾਈ ਅਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਕੈਂਪ ਲਗਾਏ ਗਏ ਜਿਸ ਨਾਲ ਭਾਗੀਦਾਰੀ ਅਤੇ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਫਾਰਮਿੰਗ ਨਾਲ ਜੁੜ ਕੇ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।