ਪੰਜਾਬ ਸਰਕਾਰ ਵਲੋਂ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ - ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 21 ਜਨਵਰੀ 2025 - ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅੰਦਰ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਦਯੋਗਿਕ ਨਿਵੇਸ਼ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ। ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਦੇਣ ਲਈ ਸਰਕਾਰ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਜਲਦ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਕੀਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰੀ ਟੀਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਭਰਪੂਰ ਯਤਨ ਕਰ ਰਹੀ ਹੈ ਅਤੇ ਬਹੁਤ ਸਾਰੇ ਸਨਅਤੀ ਘਰਾਣੇ ਪੰਜਾਬ ‘ਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ‘ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਨਾਂ ਅੱਗੇ ਕਿਹਾ ਕਿ ਨਵੇਂ ਨਿਵੇਸ਼ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਮਿਲੇਗਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਨਵੀਆਂ ਸਨਅਤਾਂ ਦੀ ਸਥਾਪਤੀ ਲਈ ਜ਼ਮੀਨ ਲੈਣ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਅਧਿਕਾਰੀ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਇਆ ਗਿਆ ਹੈ।