ਫਿਲੀਪਾਈਨ ਦੇ ਗੁਰੂਘਰ ਵਿੱਚ ਸੰਤ ਸੀਚੇਵਾਲ ਦਾ ਸਨਮਾਨ*
*ਹੜ੍ਹਾਂ ਦੌਰਾਨ ਨਿਭਾਈਆਂ ਸੇਵਾਵਾਂ ਦੀ ਸੰਗਤਾਂ ਵੱਲੋਂ ਸ਼ਲਾਘਾ*
*ਪਾਰਲੀਮੈਂਟ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਾਣ ਦਿਵਾਉਣ ਦੇ ਯਤਨਾਂ ਦੀ ਪ੍ਰਸ਼ੰਸਾ*
*ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਹੀ ਸਿੱਖ ਧਰਮ ਦੀ ਅਸਲ ਪਛਾਣ : ਸੰਤ ਸੀਚੇਵਾਲ*
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 26 ਫਰਵਰੀ 2026
ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲੀਪਾਈਨ ਦੀ ਧਾਰਮਿਕ ਫੇਰੀ ਦੌਰਾਨ ਉਰਦਾਨੇਤਾ ਵਿੱਚ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਾਜ਼ਰੀ ਭਰਕੇ ਸੰਗਤਾਂ ਨਾਲ ਮੁਲਾਕਾਤ ਕੀਤੀ। ਸਮਾਗਮ ਦੌਰਾਨ ਸੰਗਤਾਂ ਵੱਲੋਂ ਸੰਤ ਸੀਚੇਵਾਲ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਮਨੁੱਖਤਾ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ। ਮਨਜਿੰਦਰ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸੰਤ ਸੀਚੇਵਾਲ ਨੇ ਹਮੇਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਅਤੇ ਹਜ਼ਾਰਾਂ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ, ਜੋ ਸੇਵਾ ਭਾਵਨਾ ਦੀ ਉੱਚੀ ਮਿਸਾਲ ਹੈ।
ਇਸ ਤੋਂ ਇਲਾਵਾ, ਰਾਜ ਸਭਾ ਵਿੱਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਅਤੇ ਸੰਸਦੀ ਕਾਰਵਾਈ ਦੌਰਾਨ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਉਣ ਲਈ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ ਗਈ। ਬਲਬੀਰ ਸਿੰਘ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਪਾਰਲੀਮੈਂਟ ਵਿੱਚ ਪਹਿਲਾਂ ਮੁੁੱਦਾ ਹੀ ਮਾਂ ਬੋਲੀ ਪੰਜਾਬੀ ਦਾ ਉਠਾਉਣਾ ਬਹੁਤ ਵੱਡਾ ਕਦਮ ਸੀ। ਜਿਹਨਾਂ ਦੀ ਪਹਿਲਕਦਮੀ ਸਦਕਾ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੰਜਾਬੀ ਸਮੇਤ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਮਿਲੀ।
ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਹੁੰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਆਪਣੀ ਮਿੱਟੀ, ਮਾਂ ਬੋਲੀ ਅਤੇ ਧਾਰਮਿਕ ਸੱਭਿਅਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਹੀ ਸਿੱਖ ਧਰਮ ਦੀ ਅਸਲ ਪਛਾਣ ਹੈ ਅਤੇ ਹਰ ਇਨਸਾਨ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ।
ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸੀਚੇਵਾਲ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਹੈੱਡਗ੍ਰੰਥੀ ਬਲਜੀਤ ਸਿੰਘ, ਸੇਵਾਦਾਰ ਅੰਗਰੇਜ਼ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਸਿੰਘ ਸਮੇਤ ਸਥਾਨਕ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਰਹੀਆਂ।
Click to Follow Babushahi Facebook page →