ਬਟਾਲਾ: ਪਿੰਡ ਖੁੱਜਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਖੇਤੀ ਸੰਦਾਂ ਦੀ ਵਰਤੋਂ ਸਬੰਧੀ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ,13 ਅਕਤੂਬਰ 2025- ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਰੋਹਿਤ ਗਿੱਲ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਗੁਰਦਾਸਪੁਰ ਦੇ ਨਰਿੰਦਰ ਕੁਮਾਰ ਇੰਸਪੈਕਟਰ- ਕਮ- ਕਲੱਸਟਰ ਅਫਸਰ, ਸਟਬਲ ਬਰਨਿੰਗ, ਕਾਦੀਆਂ ਵੱਲੋ ਪਿੰਡ ਖੁੱਜਾਲਾ ਦੇ ਵੱਡੇ ਗੁਰਦੁਆਰਾ ਸਾਹਿਬ ਵਿੱਚ ਹਲਕਾ ਪਟਵਾਰੀ ਅਵਤਾਰ ਸਿੰਘ, ਕੋਆਪ੍ਰਟਿਵ ਸਕੱਤਰ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਚਰਨਜੀਤ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ ਰੋਮੀ ਆਦਿ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਸਰਪੰਚਾਂ ਅਤੇ ਨੰਬਰਦਾਰਾਂ ਵੀ ਹਾਜ਼ਿਰ ਸਨ।
ਉਨ੍ਹਾਂ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ।
ਇਸ ਤੋ ਇਲਾਵਾ ਪਿੰਡ ਵਿੱਚ ਮੌਜੂਦ ਖੇਤੀ ਸੰਦਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੁਪਰ ਸੀਡਰ ਅਤੇ ਹੋਰ ਸੰਦਾਂ ਨਾਲ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਜ਼ੀਰੋ ਪ੍ਰਦੂਸ਼ਣ ਦੇ ਟੀਚੇ ਨੂੰ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਪਿੰਡ ਵਾਸੀ ਅਤੇ ਮੋਹਤਬਰ ਲੋਕ ਹਾਜ਼ਿਰ ਸਨ।