ਬਾਬਾ ਹਰਬੰਸ ਸਿੰਘ ਦੀ ਸੇਵਾ ਪ੍ਰੰਪਰਾ ਨੇ ਗੁਰਧਾਮਾਂ ਦੀ ਸ਼ਾਨ ਨੂੰ ਨਵੀਆਂ ਉਚਾਈਆਂ ਬਖ਼ਸ਼ੀਆਂ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 21 ਜੂਨ,
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਕ ਗੁਰਧਾਮਾਂ ਦੀ ਕਾਰ ਸੇਵਾ ਦੀ ਜ਼ਿੰਮੇਵਾਰੀ ਪੰਥ ਰਤਨ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਸੌਂਪੇ ਜਾਣ ਦੇ 50 ਸਾਲ ਪੂਰੇ ਹੋਣ ਦੇ ਮੌਕੇ ਤੇ ਅੱਜ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ, ਪਿਆਰ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਸਰਦਾਰ ਕਾਲਕਾ ਨੇ ਕਿਹਾ ਕਿ ਬਾਬਾ ਹਰਬੰਸ ਸਿੰਘ ਜੀ ਵੱਲੋਂ ਆਰੰਭੀ ਗਈ ਨਿਸ਼ਕਾਮ ਸੇਵਾ ਦੀ ਪ੍ਰੰਪਰਾ ਨੇ ਨਾ ਸਿਰਫ਼ ਦਿੱਲੀ ਦੇ ਗੁਰਧਾਮਾਂ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ, ਸਗੋਂ ਸਿੱਖ ਪੰਥ ਨੂੰ ਸੇਵਾ, ਸਮਰਪਣ ਅਤੇ ਨਿਮਰਤਾ ਦਾ ਅਨਮੋਲ ਸੰਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਬਾਬਾ ਹਰਬੰਸ ਸਿੰਘ ਜੀ ਵੱਲੋਂ ਕਾਰ ਵਿੱਚ ਗੁਰਧਾਮਾਂ ਦੀ ਸੁੰਦਰਤਾ, ਵਿਸਥਾਰ ਅਤੇ ਸ਼ਾਨ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਦੀ ਮਹਾਨ ਸੇਵਾ ਪਰੰਪਰਾ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ, ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋਏ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਾਰ ਸੇਵਾ ਦੀ ਇਹ ਸੁਨਹਿਰੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਸਿੱਖ ਕੌਮ ਨੂੰ ਗੁਰੂ ਘਰ ਦੀ ਸੇਵਾ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮਹਾਨ ਪ੍ਰੰਪਰਾ ਨੂੰ ਹੋਰ ਮਜ਼ਬੂਤ ਕਰਨ।
- Download Babushahi App
-
-