ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.
14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਬੂਥਗੜ੍ਹ , 25 ਮਾਰਚ :
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਐਚ. ਪੀ. ਵੀ. ਟੀਕਾਕਰਨ ਲਈ ਅਪੀਲ ਕਰਦਿਆਂ ਕਿਹਾ ਕਿ 14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ l ਜ਼ਿਕਰਯੋਗ ਹੈ ਕਿ ਇਹ ਟੀਕਾ ਉਨ੍ਹਾਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ l ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੀ ਕੀਮਤ ਵਿਚ ਉਪਲਭਧ ਹੈ ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲੱਗ ਰਿਹਾ ਹੈ।
ਐਸ. ਐਮ. ਓ. ਨੇ ਦੱਸਿਆ ਕਿ ਇਹ ਟੀਕਾਕਰਨ ਬੂਥਗੜ੍ਹ, ਪਲਹੇੜੀ ਅਤੇ ਖਿਜ਼ਰਾਬਾਦ ਵਿਖੇ ਸਰਕਾਰੀ ਸਿਹਤ ਕੇਂਦਰਾਂ ਵਿਚ ਹਰ ਰੋਜ਼ ਹੋ ਰਿਹਾ ਹੈ l ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।ਔਰਤਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ, ਜਿਸ ਤੋਂ ਰੋਕਥਾਮ ਲਈ ਇਹ ਟੀਕਾ ਲਗਾਇਆ ਜਾ ਰਿਹਾ ਹੈ।ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Click to Follow Babushahi Facebook page →