ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ
— ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀ.ਕੇ.ਆਈ. ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਕਰੀਬੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ
— ਨਾਲਾਗੜ੍ਹ ਧਮਾਕੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਹੋਈ, ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸ.ਐਸ.ਪੀ. ਤੁਸ਼ਾਰ ਗੁਪਤਾ
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ।
ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ 'ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 10,13, 15, 16, 17 ਅਤੇ 18 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਤਹਿਤ ਪੁਲਿਸ ਥਾਣਾ ਰਾਹੋਂ ਵਿਖੇ ਇੱਕ ਵੱਖਰੀ ਐਫਆਈਆਰ ਨੰ. 20 ਮਿਤੀ 29/01/2026 ਦਰਜ ਕੀਤੀ ਗਈ ਹੈ।