ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਦੇ ਅਹਿਮ ਫ਼ੈਸਲੇ; 6 ਅਪ੍ਰੈਲ ਨੂੰ ਡੀਸੀ ਦਫ਼ਤਰਾਂ ਅੱਗੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ
ਪੰਜਾਬ ਦੇ ਪਾਣੀਆਂ ਦਾ ਮਸਲਾ, ਐਮਐਸਪੀ ਅਤੇ ਕਰਜਾ ਮੁਕਤੀ ਦੀ ਉਠਾਈ ਜਾਵੇਗੀ ਮੰਗ: ਗੁਰਦੀਪ ਰਾਮਪੁਰਾ
ਮੁਕਤ ਵਪਾਰ ਸਮਝੌਤਾ ਅਤੇ ਹੋਰ ਕਾਰਪੋਰੇਟ ਪੱਖੀ ਨੀਤੀ ਨਿਰਣਿਆਂ ਦਾ ਕੀਤਾ ਜਾਵੇਗਾ ਸਖ਼ਤ ਵਿਰੋਧ: ਹਰਨੇਕ ਮਹਿਮਾ
ਦਲਜੀਤ ਕੌਰ
ਬਰਨਾਲਾ, 30 ਮਾਰਚ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਮਸਲੇ, ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਰਵੱਈਆ ਮੁੱਖ ਤੌਰ ਤੇ ਚਰਚਾ ਵਿੱਚ ਰਿਹਾ। ਮੀਟਿੰਗ ਦੀ ਸ਼ੁਰੂਆਤ ਵਿੱਚ ਮਾਨਸਾ ਜ਼ਿਲ੍ਹੇ ਦੇ ਕਿਸਾਨ ਆਗੂ ਸ਼ਾਮ ਲਾਲ ਠੂਠਿਆਂਵਾਲੀ ਦੀ ਸੜਕ ਦੁਰਘਟਨਾ ਵਿੱਚ ਹੋਈ ਮੌਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪ੍ਰੀਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।
ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖ੍ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਦੇ ਖ਼ਿਲਾਫ਼ 6 ਅਪ੍ਰੈਲ ਨੂੰ ਸਮੁੱਚੇ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਜਥੇਬੰਦੀ ਦੇ ਆਗੂ ਅਤੇ ਵਰਕਰ ਇਨ੍ਹਾਂ ਧਰਨਿਆਂ ਵਿੱਚ ਵੱਧ ਚੜ੍ਹਕੇ ਸ਼ਾਮਿਲ ਹੋਣਗੇ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਇਨ੍ਹਾਂ ਧਰਨਿਆਂ ਵਿੱਚ ਪਹੁੰਚਣ ਲਈ ਡਿਊਟੀਆਂ ਲਾਈਆਂ ਗਈਆਂ।
ਜਥੇਬੰਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਅਨੁਸਾਰ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮਗਨਰੇਗਾ ਕਾਨੂੰਨ ਰੱਦ ਕਰਨ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਅਮਰੀਕਾ ਵੱਲੋਂ ਇਰਾਨ ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਗਈ। ਇਰਾਨੀ ਲੋਕਾਂ ਵੱਲੋਂ ਟਾਕਰਾ ਕਰਨ ਦੀ ਜੈ ਜੈ ਕਾਰ ਕਰਦਿਆਂ ਇਰਾਨੀ ਲੋਕਾਂ ਦੀ ਹਿਮਾਇਤ ਦਾ ਮਤਾ ਪਾਸ ਕੀਤਾ ਗਿਆ।
ਮੀਟਿੰਗ ਵਿੱਚ ਪਿਛਲੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। 6 ਮਾਰਚ ਨੂੰ ਬਠਿੰਡਾ ਵਿਖੇ ਹਕੂਮਤੀ ਜਬਰ ਵਿਰੋਧੀ ਧਰਨਾ, 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਬਰਨਾਲਾ ਮਹਾਂਰੈਲੀ ਅਤੇ 23 ਮਾਰਚ ਨੂੰ ਸਾਮਰਾਜ ਵਿਰੋਧੀ ਕਾਨਫਰੰਸ ਦਾ ਰੀਵਿਊ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਅਤੇ ਵੱਖ ਵੱਖ ਹੋਰ ਜ਼ਿਲ੍ਹਿਆਂ ਵਿੱਚ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਏ ਗਏ ਸਾਮਰਾਜ ਵਿਰੋਧੀ ਦਿਨਾਂ ਦਾ ਰੀਵਿਊ ਕੀਤਾ ਗਿਆ। ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਮੀਟਿੰਗ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਦੋ ਕਿਸਾਨ ਭਰਾਵਾਂ ਵੱਲੋਂ ਕੀਤੀ ਖੁਦਕਸ਼ੀ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਸਰਕਾਰੀ ਨੀਤੀਆਂ ਰਾਹੀਂ ਕੀਤਾ ਗਿਆ ਕਤਲ ਦੱਸਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਮਐਸਪੀ ਦੀ ਮੰਗ ਮੰਨ ਲਈ ਜਾਂਦੀ ਅਤੇ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮੁਆਫ਼ ਕੀਤੇ ਜਾਂਦੇ ਹਨ ਉਸੇ ਤਰ੍ਹਾਂ ਕਿਸਾਨਾਂ ਦਾ ਕਰਜ਼ਾ ਰੱਦ ਕਰ ਦਿੱਤਾ ਜਾਵੇ ਤਾਂ ਕਿਸਾਨ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕਦਾ ਹੈ। ਮੀਟਿੰਗ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨਾ ਮੰਨੀਆਂ ਤਾਂ ਦੋਵੇਂ ਕਿਸਾਨ ਭਰਾਵਾਂ ਦੇ ਭੋਗ ਸਮਾਗਮ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਗੁਰਦੀਪ ਸਿੰਘ ਖੁੱਡੀਆਂ, ਕੁਲਵੰਤ ਸਿੰਘ ਮਾਨ, ਜੁਗਰਾਜ ਸਿੰਘ ਹਰਦਾਸਪੁਰਾ, ਜਗਤਾਰ ਸਿੰਘ ਦੁੱਗਾਂ, ਹਰਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ ਮਹਿਰਾਜ, ਜਗਤਾਰ ਸਿੰਘ ਦੇਹੜਕਾ, ਪਰਮਿੰਦਰ ਸਿੰਘ, ਰਾਣਾ ਹਰਜਿੰਦਰ ਸਿੰਘ, ਜਸਕਰਨ ਸਿੰਘ ਮੋਰਾਂਵਾਲੀ, ਸੁਖਚੈਨ ਸਿੰਘ ਰਾਜੂ, ਦੇਵੀ ਰਾਮ ਰੰਘੜਿਆਲ, ਸਤਨਾਮ ਸਿੰਘ ਬਰਨਾਲਾ, ਰਵਿੰਦਰ ਜੀਤ ਸਿੰਘ ਢੈਪਈ, ਮਨਜਿੰਦਰ ਕਮਲ, ਨਾਇਬ ਸਿੰਘ ਬਠਿੰਡਾ, ਬੇਅੰਤ ਸਿੰਘ ਬਣੀਏਵਾਲ, ਬਲਵਿੰਦਰ ਸਿੰਘ ਰਾਮਾਂ, ਹਾਕਮ ਸਿੰਘ ਭੱਟੀਆਂ, ਬਲਵਿੰਦਰ ਸਿੰਘ ਬਾਗੜੀਆਂ, ਰਾਜਵੀਰ ਸਿੰਘ ਕਪੂਰਥਲਾ, ਸੁਖਪਾਲ ਸਿੰਘ ਈਸਾਪੁਰ ਲੰਡਾ, ਜਗਜੀਤ ਸਿੰਘ ਰਾਮ ਨਗਰ ਛੰਨਾਂ, ਪਰਮਜੀਤ ਸਿੰਘ ਕਾਤਰੋਂ, ਜਗਤਾਰ ਸਿੰਘ ਛੰਨਾਂ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
Click to Follow Babushahi Facebook page →