ਮਾਈਸਰਖਾਨਾ ਵਿਖੇ ਮੰਦਰ ਤੇ ਕਬਜ਼ਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ 12 ਅਕਤੂਬਰ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਬਠਿੰਡਾ ਜ਼ਿਲ੍ਹੇ ਵਿੱਚ ਮਾਈਸਰਖਾਨਾ ਦੇ ਇਤਿਹਾਸਿਕ ਮੰਦਰ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਧਾਇਕ ਦੇ ਭਰਾ ਦਾ ਨਾਮ ਆਉਣ ਤੋਂ ਸਪਸ਼ਟ ਹੋ ਗਿਆ ਹੈ ਕਿ ਇਹ ਸਭ ਕੁਝ ਕਥਿਤ ਸਿਆਸੀ ਸ਼ਹਿ ਤਹਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੌੜ ਹਲਕੇ ਤੋਂ ਵਿਧਾਇਕ ਖਿਲਾਫ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਮਾਈਸਰਖਾਨਾ ਦੇ ਇਤਿਹਾਸਿਕ ਮੰਦਰ ਤੇ ਵਿਧਾਇਕ ਦੇ ਭਰਾਵਾਂ ਅਤੇ ਹੋਰਨਾਂ ਸਾਥੀਆਂ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਗਿਣੀ ਮਿਥੀ ਸਾਜਿਸ਼ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ ।
ਉਹਨਾਂ ਕਿਹਾ ਕਿ ਇਹ ਬੜੀ ਸ਼ਰਮਨਾਕ ਗੱਲ ਹੈ ਕਿ ਉਹ ਆਪਣੇ ਹੀ ਹਲਕੇ ਦੇ ਇਤਿਹਾਸਿਕ ਮੰਦਰ ਦੀ ਕਮੇਟੀ ਤੇ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਜੁੱਤਿਆਂ ਸਮੇਤ ਵੜਕੇ ਭਾਵਨਾਵਾਂ ਆਹਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਤੋਂ ਵੱਡੀ ਸ਼ਰਮ ਵਾਲੀ ਗੱਲ ਹੈ ਕਿ ਪੁਲਿਸ ਵੱਲੋਂ ਭਾਵੇਂ ਪਰਚਾ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਕਰਕੇ ਹਿੰਦੂ ਸੰਗਠਨਾਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜੇਕਰ ਇਸ ਮਾਮਲੇ ਤੇ ਦੋਸ਼ੀਆਂ ਨੂੰ ਗਿਰਫਤਾਰ ਅਤੇ ਵਿਧਾਇਕ ਤੇ ਪਰਚਾ ਦਰਜ ਕਰਨ ਸਮੇਤ ਇਨਸਾਫ ਨਾ ਮਿਲਿਆ ਤਾਂ ਫਿਰ ਹਿੰਦੂ ਸੰਗਠਨਾਂ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।