ਮਾਵਾਂ ਤੇ ਨਵਜਨਮੇ ਬੱਚਿਆਂ ਦੀ ਸੁਰੱਖਿਆ ਲਈ ਯਤਨਸ਼ੀਲ ਸਿਹਤ ਵਿਭਾਗ : ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ , 9 ਜੂਨ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਜੱਚਾ-ਬੱਚਾ ਹਸਪਤਾਲ, ਬਠਿੰਡਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਸੁਰੱਖਿਅਤ ਮਾਤ੍ਰਿਤਵ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਦੱਸਿਆ ਕਿ 9 ਜੂਨ 2016 ਨੂੰ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਜਨਮ-ਪੂਰਵ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਯੋਜਨਾ ਦੇ ਪਿਛਲੇ 10 ਸਾਲਾਂ ਦੌਰਾਨ ਲੱਖਾਂ ਗਰਭਵਤੀ ਮਹਿਲਾਵਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਮਾਤਾ ਅਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਵਿੱਚ ਇਹ ਅਭਿਆਨ ਸਹਾਈ ਸਾਬਤ ਹੋਇਆ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ ਪ੍ਰੀਤ ਮਨਿੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਪਿਛਲੇ 10 ਸਾਲਾਂ ਤੋਂ ਗਰਭਵਤੀ ਮਹਿਲਾਵਾਂ ਨੂੰ ਸੁਰੱਖਿਅਤ ਮਾਤ੍ਰਿਤਵ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਏ ਜਾਣ ਵਾਲੇ ਇਸ ਅਭਿਆਨ ਤਹਿਤ ਮਾਹਿਰ ਡਾਕਟਰਾਂ ਵੱਲੋਂ ਗਰਭਵਤੀ ਮਹਿਲਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਗਰਭਵਤੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਅਤੇ ਕੌਸ਼ਲਰ ਚਰਨਪਾਲ ਕੌਰ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਾ ਨਿਯਮਿਤ ਸੇਵਨ, ਸਮੇਂ ਸਿਰ ਟੀਕਾਕਰਨ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਰਭਵਤੀ ਮਹਿਲਾਵਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਖਤਰੇ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਕੇਂਦਰ ਨਾਲ ਸੰਪਰਕ ਕਰਨ।
ਸਮਾਗਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਭਵਿੱਖ ਵਿੱਚ ਵੀ ਮਾਤਾ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ । ਇਸ ਮੌਕੇ ਡਾ ਮੋਨਿਕਾ, ਐਲ.ਐਚ.ਵੀ ਗੁਰਜਿੰਦਰ ਕੌਰ ਅਤੇ ਸੁਖਮੀਤ ਕੌਰ,ਏ.ਐਨ.ਐਮ ਗੁਰਪ੍ਰੀਤ ਕੌਰ ਅਤੇ ਗਰਭਵਤੀਆਂ ਮਹਿਲਾਵਾਂ ਨਾਲ ਆਏ ਹੋਏ ਪਰਾਵਰਿਕ ਮੈਂਬਰ ਹਾਜ਼ਰ ਸਨ ।
- Download Babushahi App
-
-