ਮੁਕਤਸਰ ਪੁਲਿਸ ਵੱਲੋਂ ਸ਼ਿਵ ਸੈਨਾ ਆਗੂ ਦੇ ਕ*ਤਲ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫਤਾਰ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ 2025: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿਛਲੇ ਦਿਨੀਂ ਕੋਟਲੀ ਰੋਡ ਤੋਂ ਸ਼ਿਵ ਸੈਨਾ ਦੇ ਸਥਾਨਕ ਸ਼ਿਵਾ ਕੁਮਾਰ ਪੁੱਤਰ ਅਸ਼ੋਕ ਕੁਮਾਰ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ਿਵਾ ਦੀ ਲਾਸ਼ ਮਿਲਣ ਤੋਂ ਬਾਅਦ ਮ੍ਰਿਤਕ ਦੀ ਮਾਤਾ ਨੀਲਮ ਪਤਨੀ ਅਜੀਤ ਸਿੰਘ ਦੇ ਬਿਆਨਾਂ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮੁਕੱਦਮਾ ਨੰਬਰ 245 ਮਿਤੀ 12ਦਸੰਬਰ 2025 ਅ/ਧ 105,3(5) ਬੀ.ਐਨ.ਐਸ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਸੀ। ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਦੇ ਅਨੁਸਾਰ ਇਸ ਗੰਭੀਰ ਮਾਮਲੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ।
ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਵੱਖ ਵੱਖ ਢੰਗਾਂ ਜਾਂਚ ਕਰਨ ਉਪਰੰਤ ਮਾਮਲੇ ਵਿੱਚ ਸ਼ਾਮਲ ਤਿੰਨ ਜਣਿਆਂ ਨੂੰ 12 ਘੰਟਿਆਂ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜਮਾਂ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਕੁਆਰਟਰ ਨਹਿਰੀ ਕਲੋਨੀ ਸ਼੍ਰੀ ਮੁਕਤਸਰ ਸਾਹਿਬ, ਅੰਕੁਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਕੋਟਲੀ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਸੁਖਵਿੰਦਰ ਨਿੱਕੂ ਪੁੱਤਰ ਹਰਦਿਆਲ ਸਿੰਘ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਵਜੋਂ ਕੀਤੀ ਗਈ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁਲਜਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਏਗਾ ਅਤੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਏਗੀ ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।