ਮੁਕਤ ਵਪਾਰ ਸਮਝੌਤੇ ਜੀ ਰਾਮ ਜੀ ਅਤੇ ਨਿੱਜੀਕਰਨ ਦੇ ਹੱਲੇ ਖ਼ਿਲਾਫ਼ ਧਰਨਿਆਂ 'ਚ ਖੇਤ ਮਜ਼ਦੂਰਾਂ ਵੱਲੋਂ ਸ਼ਿਰਕਤ
ਅਸ਼ੋਕ ਵਰਮਾ
ਚੰਡੀਗੜ੍ਹ,22 ਫਰਵਰੀ 2026:ਮੁਕਤ ਵਪਾਰ ਸਮਝੌਤੇ, ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ , ਮਨਰੇਗਾ ਨੂੰ ਖਤਮ ਕਰਕੇ ਲਿਆਂਦੇ ਜੀ ਰਾਮ ਕਾਨੂੰਨ ਅਤੇ ਮਜ਼ਦੂਰ ਵਿਰੋਧੀ ਲੇਬਰ ਕੋਡਜ ਖਿਲਾਫ ਅੱਜ ਐਸ ਕੇ ਐਮ ਸਮੇਤ ਮਜ਼ਦੂਰ, ਮੁਲਾਜ਼ਮ, ਠੇਕਾ ਕਾਮਿਆਂ ਸਮੇਤ ਵੱਖ ਵੱਖ ਵਰਗਾਂ ਦੀਆਂ ਜਥੇਬੰਦੀਆਂ ਵੱਲੋਂ ਭਾਜਪਾਈ ਆਗੂਆਂ ਅਤੇ ਆਪ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਪੰਜਾਬ ਭਰ ਵਿੱਚ ਦਿੱਤੇ ਗਏ ਸਾਂਝੇ ਧਰਨਿਆਂ 'ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਖੇਤ ਮਜ਼ਦੂਰ ਮਰਦ ਔਰਤਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਵੱਲੋਂ ਜ਼ਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।
ਵੱਖ ਵੱਖ ਥਾਵਾਂ 'ਤੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੇ ਮਜ਼ਦੂਰ ਕਿਸਾਨ ਮੁਲਾਜ਼ਮ ਤੇ ਲੋਕ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਉਂਦਿਆਂ ਵਿਸ਼ਾਲ ਸਾਂਝੇ ਤੇ ਸਿਰੜੀ ਘੋਲਾਂ ਦੀ ਅਣਸਰਦੀ ਲੋੜ ਨੂੰ ਉਭਾਰਿਆ। ਖੇਤ ਮਜ਼ਦੂਰ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਨਰਿੰਦਰ ਮੋਦੀ ਤੇ ਭਗਵੰਤ ਮਾਨ ਵਾਲੀਆਂ ਸਰਕਾਰਾਂ ਦੇ ਰਾਜ਼ ਦੌਰਾਨ ਦਲਿਤਾਂ ਤੇ ਜ਼ੁਲਮ ਕਈ ਗੁਣਾ ਵਧ ਗਏ ਹਨ। ਇਹਨਾਂ ਇਕੱਠਾ ਨੂੰ ਹੋਰਨਾਂ ਤੋਂ ਇਲਾਵਾ ਸੂਬਾਈ ਖੇਤ ਮਜ਼ਦੂਰ ਆਗੂ ਗੁਰਪਾਲ ਸਿੰਘ ਨੰਗਲ, ਹਰਭਗਵਾਨ ਸਿੰਘ ਮੂਣਕ, ਮੇਜ਼ਰ ਸਿੰਘ ਕਾਲੇਕੇ, ਹਰਮੇਸ਼ ਮਾਲੜੀ ਤੇ ਲਛਮਣ ਸਿੰਘ ਸੇਵੇਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
Click to Follow Babushahi Facebook page →