ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾਂ
ਅਸ਼ੋਕ ਵਰਮਾ
ਬਠਿੰਡਾ, 23 ਦਸੰਬਰ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਜੱਥੇ ਨੂੰ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਕਰਾੜਵਾਲਾ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਲੋਂ ਸਥਾਨਕ ਆਦਰਸ਼ ਨਗਰ ਨੇੜੇ ਐਨਐਫਐਲ, ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਲੋਂ ਪਿੰਡ ਵਿਰਕ ਖੁਰਦ ਤੋਂ ਰਾਵਾਨਾ ਕੀਤਾ ਗਿਆ। ਇਸੇ ਤਰ੍ਹਾਂ ਰਾਮਪੁਰਾ ਹਲਕੇ ਦੇ ਪਿੰਡ ਭੋਡੀਪੁਰਾ, ਤਲਵੰਡੀ ਸਾਬੋ ਦੇ ਪਿੰਡ ਦੂਨੇਵਾਲ ਅਤੇ ਭੁੱਚੋ ਹਲਕੇ ਦੇ ਪਿੰਡ ਗੰਗਾ ਅਬਲੂ ਤੋਂ ਵੀ ਬੱਸਾਂ ਨੂੰ ਰਵਾਨਾ ਕੀਤਾ ਗਿਆ।
ਇਸ ਦੌਰਾਨ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।
ਇਸ ਦੌਰਾਨ ਹਲਕਾ ਇੰਚਾਰਜ, ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੇ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਨੁਸਾਰ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।