ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਦੀਦਾਰ ਗੁਰਨਾ
* ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ
* ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਾਗੂ ਕਰਨ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ: ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 9 ਜੁਲਾਈ 2025 - ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਡਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ, ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੇਂਦਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ।
ਇਸ ਮੌਕੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਨ।
ਕੇਂਦਰੀ ਯੋਜਨਾਵਾਂ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਜਾਰੀ ਹੋਣ ਵਾਲੇ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਦਰਪੇਸ ਆਉਣ ਵਾਲੀਆਂ ਸਮੱਸਿਆਵਾਂ ਦਾ ਵੇਰਵਾ ਇਕੱਤਰ ਕਰਕੇ ਕੇਂਦਰ ਦੇ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਂਦਾ ਹੈ ਤਾਂ ਜੋ ਕਮੀਆਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਮਗਰ ਸਿੱਖਿਆ ਅਭਿਆਨ, ਮਿਡ ਡੇ ਮੀਲ, ਐਮਪੀ ਲੈਂਡ ਫੰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਮਗਨਰੇਗਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਮੇਤ ਅਨੇਕਾਂ ਕੇਂਦਰ ਪ੍ਰਯੋਜਿਤ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਪੂਰੀ ਸਫਲਤਾ ਤੇ ਪਾਰਦਰਸ਼ੀ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਮੈਂਬਰ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਰਤੀ ਜਾਵੇਗੀ ਤੇ ਟੀਚਿਆਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਅਰਵਿੰਦ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।