ਮੰਤਰੀ ਬਰਿੰਦਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ
*ਕਿਹਾ; ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ
*ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦੇ ਮੱਦੇਨਜ਼ਰ ਰਾਜਸਥਾਨ ਦੀ ਤਰਜ਼ 'ਤੇ ਖਰੀਦ ਮਾਪਦੰਢਾਂ ਵਿੱਚ ਫੌਰੀ ਛੋਟ ਦੇਵੇ ਕੇਂਦਰ ਸਰਕਾਰ
*ਪੰਜਾਬ ਸਰਕਾਰ ਵੱਲੋਂ ਕਰੀਬ 125 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਜਾਂਦੀ ਹੈ ਖਰੀਦ; ਪੰਜਾਬ ਵਿੱਚ ਹੁੰਦੀ ਹੈ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ
ਖਨੌਰੀ, 15 ਅਪ੍ਰੈਲ:
ਪੰਜਾਬ ਸਰਕਾਰ ਵੱਲੋਂ ਰਬੀ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਵਿਧਿਵਤ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈਂਦੀ ਹੈ। ਸਪੈਸ਼ਲਾਂ ਰੁਕਣ ਦਾ ਮਾਮਲਾ ਵੀ ਆਉਂਦਾ ਹੈ ਤੇ ਸੀ.ਸੀ. ਲਿਮਿਟ ਦਾ ਸਾਰਾ ਹਿਸਾਬ ਅਗਲੀ ਫਸਲ ਤੋਂ ਪਹਿਲਾਂ ਕਲੀਅਰ ਕਰਨਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਇਹਨਾਂ ਮਾਪਦੰਡਾਂ ਸਬੰਧੀ ਛੋਟ ਬਾਬਤ ਫੌਰੀ ਰਾਹਤ ਦੇਵੇ ਜਿਵੇਂ ਕਿ ਰਾਜਸਥਾਨ ਨੂੰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਕਣਕ ਦੀ ਖਰੀਦ ਸਬੰਧੀ ਤੱਥਹੀਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵੱਲ ਲੋਕਾਂ ਨੂੰ ਬਿਲਕੁਲ ਧਿਆਨ ਨਹੀਂ ਦੇਣਾ ਚਾਹੀਦਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਸ਼੍ਰੀ ਗੋਇਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਸਫਾਈ, ਬੈਠਣ ਦੀ ਵਧੀਆ ਵਿਵਸਥਾ ਅਤੇ ਛਾਂ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਤੋਂ ਇਲਾਵਾ ਫਸਲ ਦੀ ਤੁਰੰਤ ਚੁਕਾਈ ਅਤੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਵਿਚਕਾਰ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਮੌਕੇ 'ਤੇ ਮੰਡੀ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Click to Follow Babushahi Facebook page →