ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਵਿਲੇਜ਼/ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ
ਰੋਹਿਤ ਗੁਪਤਾ
ਬਟਾਲਾ, 9 ਜਨਵਰੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਲੇਜ਼/ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ 'ਯੁੱਧ ਨਸ਼ਿਆਂ ਵਿਰੁੱਧ' ਮੁਹਿਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਕਰ ਦਿੱਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਪੰਜਾਬ ਦੇ ਲਗਭਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਅਤੇ ਪੰਜਾਬ ਸਰਕਾਰ ਦੀ ਮਜ਼ਬੂਤ ਕਾਰਗੁਜ਼ਾਰੀ ਸਦਕਾ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਤਹਿਤ ਲੋਕਾਂ ਦੇ ਸਾਥ ਨਾਲ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸਦੇ ਨਾਲ ਹੀ ਪਿੰਡ-ਪਿੰਡ ਖੇਡ ਮੈਦਾਨ ਅਤੇ ਲਾਇਬਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਕਾਰਾਤਮਕ ਵਾਤਾਵਰਨ ਅਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ।
ਇਸ ਮੌਕੇ ਗੁਰਮੰਦਰ ਸਿੰਘ ਐੱਸ.ਡੀ.ਐਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਜ਼ਿਲਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਮੌਜੂਦ ਸਨ।