ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ
ਅਸ਼ੋਕ ਵਰਮਾ
ਬਠਿੰਡਾ, 16 ਜੂਨ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਸਥਿਤ ਧੋਬੀਆਣਾ ਬਸਤੀ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 2 ਨਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵਾਸੀਆਨ ਗਲੀ ਨੰਬਰ 1 ਨੇੜੇ ਠੇਕਾ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ।
ਐਸਪੀ ਸ਼੍ਰੀ ਨਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ-ਕਮ-ਮੈਜਿਸਟਰੇਟ ਵੱਲੋਂ ਉਕਤ ਜੋਤੀ ਪਤਨੀ ਗੁਰਪ੍ਰੀਤ ਸਿੰਘ ਵੱਲੋਂ ਨਜਾਇਜ ਤੌਰ ‘ਤੇ ਬਣਾਇਆ ਗਿਆ ਮਕਾਨ 75 ਵਰਗ ਗਜ ਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਦਾ ਮਕਾਨ 100 ਗਜ ਜਿਸ ਨੂੰ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆਂ ਕਿ ਇਨ੍ਹਾਂ ਵਿਰੁੱਧ ਨਸ਼ਾ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 05 ਮੁੱਕਦਮੇ ਦਰਜ ਹਨ।
ਇਸ ਮੌਕੇ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਇਹ ਇਮਾਰਤਾਂ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵੱਲੋਂ ਉਸਾਰੀਆਂ ਗਈਆਂ ਸਨ, ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।ਐਸਪੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ 1 ਮਾਰਚ 2025 ਤੋਂ ਹੁਣ ਤੱਕ 592 ਮੁਕੱਦਮੇ ਦਰਜ ਕਰਕੇ 927 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 19 ਵੱਡੇ ਨਸ਼ਾ ਤਸਕਰ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 09 ਕਰੋੜ 71 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਗਈ ਹੈ।
ਇਸ ਦੌਰਾਨ ਜਿੱਥੇ ਪੁਲਿਸ ਵਲੋਂ ਕੀਤੀ ਗਈ ਇਸ ਕਾਰਵਾਈ ਨੂੰ ਲੈ ਕੇ ਮੁਹੱਲਾ ਵਾਸੀਆਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਉੱਥੇ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ।ਇਸ ਦੌਰਾਨ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਨੂੰ ਤੁਹਾਡੇ ਸਭ ਦੇ ਪੂਰਨ ਸਹਿਯੋਗ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਏਰੀਏ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।