ਰਮਨ ਬਹਿਲ ਨੇ ਲਗਾਤਾਰ ਦੂਜੇ ਦਿਨ ਹੜ ਪੀੜਤਾਂ ਨੂੰ ਮੁਆਵਜ਼ਾ ਦੀ ਰਾਸ਼ੀ ਵੰਡੀ
ਕਿਹਾ-ਗਿਰਦਾਵਰੀ ਦਾ ਕੰਮ ਚੱਲ ਰਿਹਾ,ਬਾਕੀ ਰਹਿੰਦਾ ਮੁਆਵਜ਼ਾ ਵੀ ਬਹੁਤ ਜਲਦ ਪੀੜਤ ਲੋਕਾਂ ਨੂੰ ਦੇ ਦਿੱਤਾ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ 18 ਅਕਤੂਬਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਤਹਿਤ ਅੱਜ ਗੁਰਦਾਸਪੁਰ ਹਲਕੇ ਦੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਹੜ ਪੀੜਤਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ ।
ਅੱਜ ਉਨ੍ਹਾਂ ਪਿੰਡ ਬਲੱਗਣ, ਕਮਾਲਪੁਰ ਅਫਗਾਨਾ ਅਤੇ ਭੋਪੋਰ ਸੈਦਾਂ ਵਿਖੇ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ। ਰਮਨ ਬਹਿਲ ਨੇ ਹੜ ਪੀੜਤਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੀਵਾਲੀ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਸ਼ੁਰੂਆਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਸੀ । ਇਸੇ ਤਹਿਤ ਅੱਜ ਲਗਾਤਾਰ ਦੂਜੇ ਦਿਨ ਉਨ੍ਹਾਂ ਵਲੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਫਸਲਾਂ ਦੀ ਬਰਬਾਦੀ , ਘਰਾਂ ਤੇ ਪਸ਼ੂ ਧਨ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਚੈੱਕ ਵੰਡੇ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਦੇ ਕਿਸਾਨਾਂ ਨੂੰ ਖਰਾਬੇ ਦੇ ਪੈਸਿਆਂ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ ਜਦਕਿ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਆ ਚੁੱਕੀ ਹੈ।
ਰਮਨ ਬਹਿਲ ਨੇ ਇਹ ਵੀ ਕਿਹਾ ਕਿ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਤਹਿਤ ਬਾਕੀ ਰਹਿੰਦਾ ਮੁਆਵਜ਼ਾ ਵੀ ਬਹੁਤ ਜਲਦ ਪੀੜਤ ਲੋਕਾਂ ਨੂੰ ਦੇ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ, ਜੋ ਪੂਰੇ ਦੇਸ ਵਿੱਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ ਪੀੜਤਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਵਚਨਬੱਧ ਹੈ।
ਉਹਨਾਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਦੀਵਾਲੀ ਤੋਂ ਪਹਿਲਾਂ-ਪਹਿਲਾਂ ਉਹਨਾਂ ਦੇ ਹਨ੍ਹੇਰੇ ਘਰਾਂ ਵਿੱਚ ਰੌਸ਼ਨੀ ਦੀ ਚਿਣਗ ਬਾਲੀ ਗਈ ਹੈ। ਉਹਨਾਂ ਕਿਹਾ ਕਿ ਭਾਵੇਂ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਪੂਰਾ ਮੁੱਲ ਨਹੀਂ ਮੋੜ ਸਕਦਾ ਪਰੰਤੂ ਇਸ ਨਾਲ ਸਰਕਾਰ ਵੱਲੋਂ ਇੱਕ ਇਹ ਵਚਨਬੱਤਾ ਜ਼ਾਹਿਰ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ।
ਉਨ੍ਹਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸੇਸ਼ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਸੀ।